
ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਧਦੀ ਤਪਸ਼ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਬਚਾਅ ਲਈ ਜਾਗਰੂਕ ਕਰਨ ਉੱਤੇ ਜ਼ੋਰ
ਬਰਨਾਲਾ/ਬਲਵਿੰਦਰ ਆਜ਼ਾਦ
ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਵਧਦੀ ਤਪਸ਼ ਅਤੇ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਇਕ ਅਹਿਮ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਕਿਹਾ ਕਿ ਇੰਨੀ ਦਿਨੀਂ ਤਾਪਮਾਨ ਵਧਣ ਨਾਲ ਤਪਸ਼ ਲਗਾਤਾਰ ਵਧ ਰਹੀ ਹੈ, ਜਿਸ ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾਵੇ ਤਾਂ ਜੋ ਖਾਸ ਤੌਰ ‘ਤੇ ਲੂਅ ਦੌਰਾਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਓਨ੍ਹਾਂ ਸਿਹਤ ਵਿਭਾਗ, ਨਗਰ ਕੌਂਸਲ, ਪੰਚਾਇਤੀ ਰਾਜ ਵਿਭਾਗ, ਪਸ਼ੂ ਪਾਲਣ ਵਿਭਾਗ ਨੂੰ ਗਰਮੀ ਦੇ ਮੌਸਮ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਲੋਕਾਂ ਨੂੰ ਬਚਾਅ ਸਬੰਧੀ ਜਾਗਰੂਕ ਕਰਨ ‘ਤੇ ਜ਼ੋਰ ਦਿੱਤਾ।
ਇਸ ਮੌਕੇ ਉਨ੍ਹਾਂ ਆਗਾਮੀ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਓਨ੍ਹਾਂ ਸਮੂਹ ਐੱਸਡੀਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਐਨਡੀਆਰਐਫ ਸਮਾਨ ਦੀ ਅਸੈਸਮੈਂਟ ਕਰਨ ਤਾਂ ਜੋ ਜ਼ਰੂਰਤ ਅਨੁਸਾਰ ਸਮਾਨ ਖਰੀਦਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਡਰੇਨਾਂ ਦੀ ਸਫਾਈ, ਛੱਪੜਾਂ ਦੀ ਸਫਾਈ ਅਤੇ ਨੀਵੀਆਂ ਥਾਵਾਂ ਦੀ ਨਿਸ਼ਾਨਦੇਹੀ ਕਰਨ ਉੱਤੇ ਜ਼ੋਰ ਦਿੱਤਾ ਤਾਂ ਜੋ ਬਰਸਾਤੀ ਦਿਨਾਂ ਵਿਚ ਪਾਣੀ ਖੜ੍ਹਨ ਦੀ ਸਮੱਸਿਆ ਨਾ ਆਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਹੜ ਰੋਕੂ ਪ੍ਰਬੰਧਾਂ ਤਹਿਤ ਕੰਟਰੋਲ ਰੂਮ ਜ਼ਿਲ੍ਹਾ ਪੱਧਰ ਅਤੇ ਸਬ ਡਿਵੀਜ਼ਨ ਪੱਧਰ ਉੱਤੇ 15 ਜੂਨ ਤੱਕ ਸਥਾਪਿਤ ਕਰ ਲਏ ਜਾਣ।
ਇਸ ਮੌਕੇ ਉਨ੍ਹਾਂ ਸ਼ਹਿਰੀ ਇਕਾਈਆਂ ਨਾਲ ਸਬੰਧਤ ਡਰੇਨਾਂ, ਨਾਲਿਆਂ ਆਦਿ ਦੀ ਸਫਾਈ ਅਤੇ ਜਲ ਸਪਲਾਈ ਸੰਬਧੀ ਕੰਮਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਗੁਰਜਿੰਦਰ ਸਿੰਘ ਨੇ ਕਿਹਾ ਕਿ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਸਾਰੇ ਵਿਭਾਗ ਆਪਣੀ ਆਗਾਮੀ ਤਿਆਰੀ ਰੱਖਣ ਤਾਂ ਜੋ ਆਉਣ ਵਾਲੇ ਦਿਨਾਂ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਨੁਪ੍ਰਿਤਾ ਜੌਹਲ, ਐੱਸ ਡੀ ਐਮ ਤਪਾ ਸਿਮਰਪ੍ਰੀਤ ਕੌਰ, ਐੱਸ ਡੀ ਐਮ ਮਹਿਲ ਕਲਾਂ ਹਰਕੰਵਲਜੀਤ ਸਿੰਘ, ਡੀ ਐੱਸ ਪੀ (ਐਚ) ਪਰਮਜੀਤ ਸਿੰਘ ਡੋਡ, ਸੀ ਐਮ ਫੀਲਡ ਅਫ਼ਸਰ ਜੁਗਰਾਜ ਸਿੰਘ ਕਾਹਲੋਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।