

ਆਰੀਆਭੱਟਾ ਗਰੁੱਪ ਆਫ ਇੰਸਟੀਚਿਊਟਸ, ਬਰਨਾਲਾ ਵਿਖੇ ਨਸ਼ਾ ਮੁਕਤੀ ਸੈਮੀਨਾਰ ਦਾ ਆਯੋਜਨ
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ, ਜਾਗਰੂਕ ਅਤੇ ਜ਼ਿੰਮੇਵਾਰ ਸਮਾਜ ਦੀ ਸਿਰਜਣਾ ਦਾ ਦਿੱਤਾ ਸੱਦਾ
ਬਰਨਾਲਾ(ਹਿਮਾਂਸ਼ੂ ਗੋਇਲ) ਆਰੀਆਭੱਟਾ ਗਰੁੱਪ ਆਫ ਇੰਸਟੀਚਿਊਟਸ, ਬਰਨਾਲਾ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਦੇ ਉਦੇਸ਼ ਨਾਲ ਵਿਸ਼ੇਸ਼ ਨਸ਼ਾ ਮੁਕਤੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਨਸ਼ਿਆਂ ਵਿਰੁੱਧ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ।
ਸੈਮੀਨਾਰ ਦੌਰਾਨ ਬੁਲਾਰਿਆਂ ਨੇ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਾ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਪ੍ਰਭਾਵਿਤ ਕਰਦਾ ਹੈ, ਸਗੋਂ ਪਰਿਵਾਰ ਅਤੇ ਸਮਾਜ ਦੀ ਤਰੱਕੀ ਵਿੱਚ ਵੀ ਵੱਡੀ ਰੁਕਾਵਟ ਬਣਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਚੰਗੀਆਂ ਆਦਤਾਂ ਅਪਣਾਉਣ, ਖੇਡਾਂ, ਸਿੱਖਿਆ ਅਤੇ ਸਮਾਜ ਸੇਵਾ ਨਾਲ ਜੁੜਨ ਅਤੇ ਹੋਰਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ।
ਕਾਲਜ ਦੇ ਚੇਅਰਮੈਨ ਇੰਜੀਨੀਅਰ ਆਰ. ਕੇ. ਗੁਪਤਾ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਬਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਆਰੀਆਭੱਟਾ ਗਰੁੱਪ ਆਫ ਇੰਸਟੀਚਿਊਟਸ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਵਿੱਚ ਸਮਾਜਿਕ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨ ਲਈ ਵੀ ਲਗਾਤਾਰ ਯਤਨਸ਼ੀਲ ਹੈ।
ਕਾਲਜ ਦੇ ਡਾਇਰੈਕਟਰ ਡਾ. ਅਜੈ ਕੁਮਾਰ ਮਿੱਤਲ ਨੇ ਕਿਹਾ ਕਿ ਨਸ਼ਾ ਮੁਕਤੀ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਪਰਿਵਾਰਾਂ ਅਤੇ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਡੀਨ ਅਕਾਦਮਿਕਸ ਡਾ. ਭਵੇਤ ਗਰਗ ਅਤੇ ਆਈ.ਕਿਊ.ਏ.ਸੀ. ਕੋਆਰਡੀਨੇਟਰ ਸ਼੍ਰੀ ਵਿਜੈ ਕੁਮਾਰ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣਾ ਸਮੇਂ ਦੀ ਲੋੜ ਹੈ। ਸਿੱਖਿਆ, ਖੇਡਾਂ, ਖੋਜ, ਸੱਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਸੰਸਥਾਵਾਂ ਦਾ ਫਰਜ਼ ਹੈ ਕਿ ਉਹ ਵਿਦਿਆਰਥੀਆਂ ਵਿੱਚ ਸਮਾਜਿਕ ਚੇਤਨਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ।
ਸੈਮੀਨਾਰ ਦੇ ਸਫ਼ਲ ਸੰਚਾਲਨ ਅਤੇ ਸਮਨਵਯ ਵਿੱਚ ਮਿਸ ਭਾਵੁਕਤਾ ਸ਼ਰਮਾ ਨੇ ਮਹੱਤਵਪੂਰਨ ਭੂਮਿਕਾ ਨਿਭਾਈ। ਡੀਨ ਇੰਜੀਨੀਅਰਿੰਗ ਡਾ. ਰਜਨੀਸ਼ ਨਰੂਲਾ ਨੇ ਕਿਹਾ ਕਿ ਤਕਨੀਕੀ ਸਿੱਖਿਆ ਦੇ ਨਾਲ-ਨਾਲ ਚੰਗੇ ਚਰਿੱਤਰ ਅਤੇ ਸਿਹਤਮੰਦ ਜੀਵਨ ਸ਼ੈਲੀ ਦਾ ਵਿਕਾਸ ਵੀ ਵਿਦਿਆਰਥੀਆਂ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਦੇ ਸੰਦੇਸ਼ਵਾਹਕ ਬਣਨ ਦੀ ਅਪੀਲ ਕੀਤੀ।
ਐਨ.ਐੱਸ.ਐੱਸ. ਕੋਆਰਡੀਨੇਟਰ ਨਵਦੀਪ ਬਾਂਸਲ ਨੇ ਕਿਹਾ ਕਿ ਐਨ.ਐੱਸ.ਐੱਸ. ਦਾ ਮੁੱਖ ਉਦੇਸ਼ ਸਮਾਜ ਸੇਵਾ ਅਤੇ ਸਮਾਜਿਕ ਜਾਗਰੂਕਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਪਿੰਡਾਂ, ਸ਼ਹਿਰਾਂ ਅਤੇ ਸਮਾਜ ਵਿੱਚ ਨਸ਼ਾ ਮੁਕਤੀ ਬਾਰੇ ਜਾਗਰੂਕਤਾ ਫੈਲਾਉਣ ਅਤੇ ਲੋੜਵੰਦ ਲੋਕਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਐਡਮਿਸ਼ਨ ਹੈੱਡ ਸ਼੍ਰੀ ਚਤਿੰਦਰ ਸਿੰਘ, ਡਾ. ਜਸ਼ਨਜੋਤ, ਸ਼੍ਰੀ ਜਤਿੰਦਰ ਦਹੀਆ ਅਤੇ ਸ਼੍ਰੀ ਕੁਲਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਦੇ ਸਪੱਸ਼ਟ ਟੀਚੇ ਨਿਰਧਾਰਤ ਕਰਨ, ਮਾੜੀਆਂ ਆਦਤਾਂ ਤੋਂ ਦੂਰ ਰਹਿਣ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਸਮੂਹ ਫੈਕਲਟੀ ਮੈਂਬਰਾਂ, ਐਨ.ਐੱਸ.ਐੱਸ. ਵਲੰਟੀਅਰਾਂ ਅਤੇ ਵਿਦਿਆਰਥੀਆਂ ਨੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਪੂਰਾ ਸਹਿਯੋਗ ਦੇਣ ਦਾ ਸੰਕਲਪ ਲਿਆ।


