

ਨਗਰ ਕੌਂਸਲ ਧਨੌਲਾ ਦੇ ਨਵ-ਨਿਯੁਕਤ ਪ੍ਰਧਾਨ ਧਰਮਿੰਦਰ ਸਿੰਘ ਧੰਨਾ ਦਾ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ
ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ
ਧਨੌਲਾ, 6 ਜੁਲਾਈ (ਹਿਮਾਂਸ਼ੂ ਗੋਇਲ):- ਨਗਰ ਕੌਂਸਲ ਧਨੌਲਾ ਦੇ ਨਵ-ਨਿਯੁਕਤ ਪ੍ਰਧਾਨ ਧਰਮਿੰਦਰ ਸਿੰਘ ਧੰਨਾ ਨੇ ਸੋਮਵਾਰ ਨੂੰ ਰਸਮੀ ਤੌਰ ‘ਤੇ ਪ੍ਰਧਾਨ ਦੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਕਰਵਾਏ ਗਏ ਤਾਜਪੋਸ਼ੀ ਸਮਾਗਮ ਦੌਰਾਨ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਅਤੇ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨ ਭਾਰਦਵਾਜ, ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਭੰਗੂ, ਚੇਅਰਮੈਨ ਰਾਮ ਤੀਰਥ ਮੰਨਾ ਸਮੇਤ ਆਮ ਆਦਮੀ ਪਾਰਟੀ ਦੀ ਜ਼ਿਲ੍ਹੇ ਦੀ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਐੱਮ. ਪੀ. ਮੀਤ ਹੇਅਰ ਨੇ ਪ੍ਰਧਾਨ ਧੰਨਾ ਨੂੰ ਪ੍ਰਧਾਨ ਦੀ ਕੁਰਸੀ ‘ਤੇ ਬਿਠਾ ਕੇ ਅਹੁਦਾ ਸੰਭਾਲਵਾਇਆ ਅਤੇ ਹਾਰ ਪਹਿਨਾ ਕੇ ਵਧਾਈ ਦਿੱਤੀ।
ਇਸ ਸਮਾਗਮ ਵਿੱਚ ਨਗਰ ਕੌਂਸਲ ਦੇ ਕੌਂਸਲਰਾਂ, ਪਤਵੰਤੇ ਸੱਜਣਾਂ, ਸਮਾਜ ਸੇਵੀਆਂ ਅਤੇ ਵੱਡੀ ਗਿਣਤੀ ਵਿੱਚ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਹਾਜ਼ਰ ਲੋਕਾਂ ਨੇ ਨਵੇਂ ਪ੍ਰਧਾਨ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਮੌਕੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਟੀਮ ਨੌਜਵਾਨ ਸੋਚ ਅਤੇ ਤਜ਼ਰਬੇ ਦਾ ਬਿਹਤਰੀਨ ਸੁਮੇਲ ਹੈ। ਉਨ੍ਹਾਂ ਕਿਹਾ ਕਿ ਕੌਂਸਲ ਦੇ ਸਾਰੇ 13 ਕੌਂਸਲਰ ਆਪਸੀ ਤਾਲਮੇਲ, ਪਾਰਦਰਸ਼ਤਾ ਅਤੇ ਟੀਮ ਭਾਵਨਾ ਨਾਲ ਕੰਮ ਕਰਦੇ ਹੋਏ ਧਨੌਲਾ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਭਰੋਸਾ ਜਤਾਇਆ ਕਿ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ, ਸਫ਼ਾਈ ਵਿਵਸਥਾ ਵਿੱਚ ਸੁਧਾਰ ਲਿਆਉਣ ਅਤੇ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਨਵ-ਨਿਯੁਕਤ ਪ੍ਰਧਾਨ ਧਰਮਿੰਦਰ ਸਿੰਘ ਧੰਨਾ ਨੇ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਅਤੇ ਸ਼ਹਿਰ ਵਾਸੀਆਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਆਮ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰਨ ਲਈ ਵਿਕਾਸ ਕਾਰਜਾਂ ਨੂੰ ਪਹਿਲ ਦੇਵੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇਗਾ।
ਸਮਾਗਮ ਦੌਰਾਨ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਨਵੇਂ ਪ੍ਰਧਾਨ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦਾ ਮਾਹੌਲ ਉਤਸ਼ਾਹਪੂਰਨ ਰਿਹਾ ਅਤੇ ਸਮਰਥਕਾਂ ਵੱਲੋਂ ਨਾਅਰੇਬਾਜ਼ੀ ਕਰਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।


