

ਲੀਗਲ ਏਡ ਡਿਫੈਂਸ ਕੌਂਸਲ (LADC) ਨੀਤੀ ਦੇ ਵਿਰੋਧ ‘ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ
ਵਕੀਲਾਂ ਨੇ ਕੀਤਾ ਰੋਸ ਪ੍ਰਦਰਸ਼ਨ, ਪੁਰਾਣੀ ਪੈਨਲ ਪ੍ਰਣਾਲੀ ਬਹਾਲ ਕਰਨ ਦੀ ਕੀਤੀ ਮੰਗ
ਬਰਨਾਲਾ, 7 ਜੁਲਾਈ (ਹਿਮਾਂਸ਼ੂ ਗੋਇਲ)
ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੀ ਜੁਆਇੰਟ ਐਕਸ਼ਨ ਕਮੇਟੀ (JAC) ਦੇ ਸੱਦੇ ‘ਤੇ ਮੰਗਲਵਾਰ ਨੂੰ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ (LADC) ਨੀਤੀ ਦੇ ਵਿਰੋਧ ਵਿੱਚ ਮੁਕੰਮਲ ਹੜਤਾਲ ਕਰਦਿਆਂ ਜ਼ਿਲ੍ਹਾ ਅਦਾਲਤ ਕੰਪਲੈਕਸ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਕੀਲਾਂ ਨੇ ਸਰਕਾਰ ਅਤੇ ਸਬੰਧਤ ਅਥਾਰਟੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੌਜੂਦਾ ਨੀਤੀ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਬਾਰ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਮੌਜੂਦਾ ਲੀਗਲ ਏਡ ਡਿਫੈਂਸ ਕੌਂਸਲ(LADC) ਪ੍ਰਣਾਲੀ ਵਿੱਚ ਕਈ ਖਾਮੀਆਂ ਹਨ, ਜਿਸ ਕਾਰਨ ਵਕੀਲਾਂ ਦੀ ਪੇਸ਼ੇਵਰ ਸੁਤੰਤਰਤਾ ਅਤੇ ਹਿੱਤ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਰਾਹੀਂ ਵਕੀਲਾਂ ਦੀ ਪੈਨਲਮੈਂਟ ਕੀਤੀ ਜਾਂਦੀ ਸੀ, ਜੋ ਵਧੇਰੇ ਪਾਰਦਰਸ਼ੀ ਅਤੇ ਨਿਰਪੱਖ ਪ੍ਰਣਾਲੀ ਸੀ। ਇਸ ਲਈ ਉਸੇ ਪ੍ਰਣਾਲੀ ਨੂੰ ਮੁੜ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਵਕੀਲਾਂ ਨੇ ਮੰਗ ਕੀਤੀ ਕਿ ਭਾਰਤ ਦੇ ਮਾਨਯੋਗ ਮੁੱਖ ਨਿਆਂਧੀਸ਼, ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (NALSA) ਅਤੇ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ (PLSA) ਤੁਰੰਤ ਮੌਜੂਦਾ ਲੀਗਲ ਏਡ ਡਿਫੈਂਸ ਕੌਂਸਲ (LADC) ਨੀਤੀ ਨੂੰ ਰੱਦ ਕਰਕੇ ਪੁਰਾਣੀ ਪੈਨਲ ਪ੍ਰਣਾਲੀ ਬਹਾਲ ਕਰਨ।
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਜਨਰਲ ਹਾਊਸ ਵੱਲੋਂ ਪਾਸ ਕੀਤੇ ਮਤੇ ਅਨੁਸਾਰ ਇਹ ਮੁਕੰਮਲ ਹੜਤਾਲ ਜੁਆਇੰਟ ਐਕਸ਼ਨ ਕਮੇਟੀ ਦੇ ਅਗਲੇ ਫ਼ੈਸਲੇ ਤੱਕ ਜਾਰੀ ਰਹੇਗੀ। ਇਸ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦਾ ਕੋਈ ਵੀ ਮੈਂਬਰ ਕਿਸੇ ਵੀ ਅਦਾਲਤ, ਟ੍ਰਿਬਿਊਨਲ ਜਾਂ ਹੋਰ ਅਥਾਰਟੀ ਅੱਗੇ ਪੇਸ਼ ਨਹੀਂ ਹੋਵੇਗਾ।
ਵਕੀਲ ਭਾਈਚਾਰੇ ਨੇ ਸਪੱਸ਼ਟ ਕੀਤਾ ਕਿ ਇਹ ਸੰਘਰਸ਼ ਕਿਸੇ ਵਿਅਕਤੀ ਵਿਸ਼ੇਸ਼ ਦੇ ਵਿਰੁੱਧ ਨਹੀਂ, ਸਗੋਂ ਵਕੀਲਾਂ ਦੀ ਪੇਸ਼ੇਵਰ ਮਰਿਆਦਾ, ਸੁਤੰਤਰਤਾ ਅਤੇ ਨਿਆਂ ਪ੍ਰਣਾਲੀ ਦੀ ਪਾਰਦਰਸ਼ਤਾ ਨੂੰ ਬਰਕਰਾਰ ਰੱਖਣ ਲਈ ਲੜਿਆ ਜਾ ਰਿਹਾ ਹੈ।
ਇਸ ਮੌਕੇ ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂ, ਐਡਵੋਕੇਟ ਜਤਿੰਦਰਪਾਲ ਸਿੰਘ ਗਿੱਲ, ਐਡਵੋਕੇਟ ਗੁਰਕਮਲਵੀਰ ਮਾਨ, ਐਡਵੋਕੇਟ ਦਲਜਿੰਦਰ ਜੋਹਲ, ਐਡਵੋਕੇਟ ਗੁਰਤੇਜ ਮਾਨ, ਐਡਵੋਕੇਟ ਦੇਵਿੰਦਰ ਸਿੰਘ, ਐਡਵੋਕੇਟ ਮੁਨੀਸ਼ ਕੁਮਾਰ ਗਰਗ, ਐਡਵੋਕੇਟ ਧੀਰਜ ਕੁਮਾਰ, ਨੀਤਨ ਬਾਂਸਲ, ਤਾਰੁਸ ਗੋਇਲ, ਰਜਨੀਸ਼ ਕੁਮਾਰ, ਐਡਵੋਕੇਟ ਪਰਨਵ, ਐਡਵੋਕੇਟ ਹਰਮਨਦੀਪ ਸਿੰਘ, ਐਡਵੋਕੇਟ ਚੰਦਰ ਬਾਂਸਲ, ਐਡਵੋਕੇਟ ਜਗਦੀਪ ਸਿੰਘ ਸੰਧੂ, ਐਡਵੋਕੇਟ ਗੁਰਪ੍ਰੀਤਪਾਲ ਸਿੰਘ, ਐਡਵੋਕੇਟ ਪੁਲਕਿਤ ਗਰਗ, ਐਡਵੋਕੇਟ ਪਾਰਸਦੀਪ ਕੁਮਾਰ, ਐਡਵੋਕੇਟ ਵਿਸ਼ਾਲ ਸ਼ਰਮਾ, ਐਡਵੋਕੇਟ ਗੁਰਮੀਤ ਸਰਾਓ ਸਮੇਤ ਵੱਡੀ ਗਿਣਤੀ ਵਿੱਚ ਵਕੀਲ ਹਾਜ਼ਰ ਸਨ।


