

ਆਰ.ਟੀ.ਓ. ਵੱਲੋਂ ਵਪਾਰਕ ਵਾਹਨਾਂ ਦੀ ਵਿਸ਼ੇਸ਼ ਚੈਕਿੰਗ
ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ
ਬਰਨਾਲਾ, 16 ਜੁਲਾਈ
ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਯਕੀਨੀ ਬਣਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਵਿੱਢੀ ਮੁਹਿੰਮ ਤਹਿਤ ਅੱਜ ਰੀਜਨਲ ਟਰਾਂਸਪੋਰਟ ਅਫ਼ਸਰ ਸ਼੍ਰੀ ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ ’ਤੇ ਵਪਾਰਕ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ।
ਚੈਕਿੰਗ ਮੁਹਿੰਮ ਦੌਰਾਨ ਆਰ.ਟੀ.ਓ. ਦੀ ਟੀਮ ਵੱਲੋਂ ਲੰਘਣ ਵਾਲੇ ਵਪਾਰਕ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਜ਼ਰੂਰੀ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਡਰਾਈਵਿੰਗ ਲਾਇਸੈਂਸ (DL), ਰਜਿਸਟ੍ਰੇਸ਼ਨ ਸਰਟੀਫਿਕੇਟ (RC), ਵਾਹਨਾਂ ਦੇ ਪਰਮਿਟ ਅਤੇ ਫਿਟਨੈੱਸ ਸਰਟੀਫਿਕੇਟ, ਬੀਮਾ (Insurance) ਅਤੇ ਪ੍ਰਦੂਸ਼ਣ ਨਿਯੰਤਰਣ ਸਰਟੀਫਿਕੇਟ (PUC) ਅਦਿ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਜਿਨ੍ਹਾਂ ਵਾਹਨ ਚਾਲਕਾਂ ਕੋਲ ਦਸਤਾਵੇਜ਼ ਅਧੂਰੇ ਸਨ ਜਾਂ ਜੋ ਨਿਯਮਾਂ ਦੀ ਉਲੰਘਣਾ ਕਰ ਰਹੇ ਸਨ, ਉਨ੍ਹਾਂ ਵਿਰੁੱਧ ਮੋਟਰ ਵਾਹਨ ਐਕਟ ਦੇ ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਆਰ.ਟੀ.ਓ. ਸ੍ਰੀ ਚਰਨਜੋਤ ਸਿੰਘ ਵਾਲੀਆ ਵੱਲੋਂ ਸਾਰੇ ਵਪਾਰਕ ਵਾਹਨ ਚਾਲਕ ਨੂੰ ਅਪੀਲ ਕੀਤੀ ਕਿ ਮਾਲਕ ਆਪਣੇ ਵਾਹਨਾਂ ਦੇ ਸਾਰੇ ਦਸਤਾਵੇਜ਼ ਮੁਕੰਮਲ ਅਤੇ ਅਪਡੇਟ ਰੱਖਣ। ਸੜਕਾਂ ‘ਤੇ ਜ਼ਿੰਮੇਵਾਰੀ ਨਾਲ ਵਾਹਨ ਚਲਾ ਕੇ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਸੜਕ ਸੁਰੱਖਿਆ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਤੋਂ ਬਚਿਆ ਜਾ ਸਕੇ।


