

ਵਿਧਾਇਕ ਕਾਲਾ ਢਿੱਲੋਂ ਨੇ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਦੀ ਕੀਤੀ ਨਿੰਦਾ, ਅਧਿਕਾਰੀਆਂ ਨੂੰ ਦਿੱਤੀ ਚਿਤਾਵਨੀ
–ਡਾਂਗਾਂ ਨਾਲ ਕੁੱਟਣ ਦੀ ਬਜਾਏ ਸਫਾਈ ਕਰਮਚਾਰੀਆਂ ਦਾ ਮਸਲਾ ਹੱਲ ਕਰੇ ਸਰਕਾਰ- ਕਾਲਾ ਢਿੱਲੋਂ
ਬਰਨਾਲਾ,22 ਜੁਲਾਈ (ਬਰਨਾਲਾ ਰਿਪੋਰਟ)-ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਮਨਵਾਉਣ ਦੀ ਖਾਤਰ ਸ਼ਾਂਤਮਈ ਧਰਨੇ ‘ਤੇ ਬੈਠੇ ਸਫ਼ਾਈ ਕਰਮਚਾਰੀਆਂ ਦੀ ਆਵਾਜ਼ ਨੂੰ ਪੁਲਸੀਆ ਡੰਡੇ ਦੇ ਜ਼ੋਰ ‘ਤੇ ਦਬਾਉਣ ਦੀ ਬਜਾਏ ਸਰਕਾਰ ਤੁਰੰਤ ਇਹਨਾਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦਾ ਐਲਾਨ ਕਰੇ, ਨਹੀਂ ਤਾਂ ਸਫਾਈ ਕਰਮਚਾਰੀਆਂ ਦਾ ਮਾਮਲਾ ਪੰਜਾਬ ਸਰਕਾਰ ਦੇ ਗਲੇ ਦੀ ਹੱਡੀ ਬਣ ਸਕਦਾ ਹੈ ਕਿਉਂਕਿ ਪੰਜਾਬ ਕਾਂਗਰਸ ਸਫਾਈ ਕਰਮਚਾਰੀਆਂ ‘ਤੇ ਤਸ਼ੱਦਦ ਦੀ ਨੀਤੀ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕਰੇਗੀ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਰਦੇ ਹੋਏ ਕਿਹਾ ਕਿ ਬਰਨਾਲਾ ਵਿਖੇ ਪੁਲਿਸ ਵੱਲੋਂ ਸਫਾਈ ਕਰਮਚਾਰੀਆਂ ‘ਤੇ ਕੀਤਾ ਲਾਠੀਚਾਰਜ ਅਤੀ ਨਿੰਦਣਯੋਗ ਘਟਨਾ ਹੈ ਅਤੇ ਇਹ ਪੰਜਾਬ ਦੀ ਸੱਤਾਧਾਰੀ ਪਾਰਟੀ ਦੀ ਮਜ਼ਦੂਰ ਵਰਗ ਦੇ ਵਿਰੋਧੀ ਨੀਤੀ ਦਾ ਹੀ ਹਿੱਸਾ ਹੈ। ਵਿਧਾਇਕ ਢਿੱਲੋਂ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਸਥਾਨਕ ਆਪ ਆਗੂਆਂ ਨੇ ਇਹਨਾਂ ਸਫਾਈ ਕਰਮਚਾਰੀਆਂ ਨੂੰ ਲੌਲੀਪੋਪ ਦੇ ਕੇ ਵੋਟਾਂ ਲੈਣ ਦੀ ਖਾਤਰ ਧਰਨੇ ਤੋਂ ਉਠਾਇਆ ਸੀ ਅਤੇ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਪਰੰਤੂ ਹੁਣ ਮੰਗਾਂ ਪੂਰੀਆਂ ਕਰਨ ਦੀ ਬਜਾਏ ਇਹਨਾਂ ਸਫਾਈ ਕਰਮਚਾਰੀਆਂ ਦੇ ਸਿਰ ਪਾੜੇ ਜਾ ਰਹੇ ਹਨ। ਵਿਧਾਇਕ ਢਿੱਲੋਂ ਨੇ ਕਿਹਾ ਕਿ ਸ਼ਹਿਰ ਵਿੱਚ ਕੂੜੇ ਦੇ ਵੱਡੇ ਵੱਡੇ ਢੇਰ ਚੁੱਕੇ ਜਾਣੇ ਚਾਹੀਦੇ ਹਨ ਅਤੇ ਗਰਮੀ ਦੇ ਸੀਜ਼ਨ ਦੌਰਾਨ ਬਿਮਾਰੀਆਂ ਦੇ ਫੈਲਾਓ ਦੇ ਮੱਦੇਨਜ਼ਰ ਇਹ ਜਰੂਰੀ ਵੀ ਹੈ ਕਿ ਸ਼ਹਿਰ ਵਿੱਚੋਂ ਗੰਦਗੀ ਤੁਰੰਤ ਦੂਰ ਹੋਵੇ ਪ੍ਰੰਤੂ ਸਥਾਨਕ ਪ੍ਰਸ਼ਾਸਨ ਅਤੇ ਸਰਕਾਰ ਕੂੜੇ ਦੇ ਢੇਰ ਚੁੱਕੇ ਜਾਣ ਲਈ ਸਫਾਈ ਕਰਮਚਾਰੀਆਂ ਨੂੰ ਭਰੋਸੇ ਵਿੱਚ ਲਵੇ। ਵਿਧਾਇਕ ਢਿੱਲੋਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਐਨੀਆਂ ਵੱਡੀਆਂ ਵੀ ਨਹੀਂ ਹਨ ਜਿਹਨਾਂ ਨੂੰ ਸਰਕਾਰ ਮੰਨ ਕੇ ਲਾਗੂ ਨਾ ਕਰ ਸਕੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ਼ਤਿਹਾਰਬਾਜ਼ੀ ‘ਤੇ ਕਰੋੜਾਂ ਰੁਪਏ ਖਰਚ ਕਰ ਸਕਦੀ ਹੈ ਪ੍ਰੰਤੂ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਵੱਲ ਧਿਆਨ ਨਹੀਂ ਦੇ ਰਹੀ ਕਿਉਂਕਿ ਇਸ਼ਤਿਹਾਰਬਾਜ਼ੀ ਦੇ ਪੈਸੇ ਨਾਲ ਸਫਾਈ ਕਰਮਚਾਰੀਆਂ ਦੀਆਂ ਮੰਨੀਆਂ ਮੰਗਾਂ ਲਾਗੂ ਕੀਤੀਆਂ ਜਾ ਸਕਦੀਆਂ ਹਨ। ਵਿਧਾਇਕ ਢਿੱਲੋਂ ਨੇ ਕਿਹਾ ਕਿ ਇਹਨਾਂ ਸਫਾਈ ਕਰਮਚਾਰੀਆਂ ਵਿੱਚੋਂ ਬਹੁਤੇ ਕਰਮਚਾਰੀ ਸਿਰਫ 10000 ਪ੍ਰਤੀ ਮਹੀਨਾ ਕੰਮ ਕਰ ਰਹੇ ਹਨ,ਜਦਕਿ 10000 ਰੁਪਏ ਵਿੱਚ 10 ਦਿਨ ਵੀ ਕੱਢਣੇ ਮੁਸ਼ਕਿਲ ਹਨ। ਵਿਧਾਇਕ ਢਿੱਲੋਂ ਨੇ ਅੱਜ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਦੀ ਸਖਤ ਨਿੰਦਾ ਕਰਦੇ ਹੋਏ ਸਥਾਨਕ ਸਿਵਲ ਅਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਚੇਤਾਵਨੀ ਦਿੱਤੀ ਕਿ ਸਫਾਈ ਕਰਮਚਾਰੀਆਂ ‘ਤੇ ਤਸ਼ੱਦਦ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਧਾਇਕ ਢਿੱਲੋਂ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਸਫਾਈ ਕਰਮਚਾਰੀਆਂ ਨੂੰ ਕੁੱਟਣ ਦੀ ਬਜਾਏ ਉਹਨਾਂ ਨੂੰ ਭਰੋਸੇ ਵਿੱਚ ਲੈ ਕੇ ਕੂੜਾ ਚੁੱਕਣ ਦੀ ਨੀਤੀ ‘ਤੇ ਕੰਮ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਸਰਕਾਰ ਦੇ ਕਿਸੇ ਮੰਤਰੀ ਜਾਂ ਉਚ ਅਧਿਕਾਰੀ ਵੱਲੋਂ ਸਫਾਈ ਕਰਮਚਾਰੀਆਂ ਨੂੰ ਮੀਟਿੰਗ ਲਈ ਸਮਾਂ ਦੇਣ ਦੀ ਬਜਾਏ, ਡਾਂਗਾਂ ਦਿੱਤੀਆਂ ਜਾ ਰਹੀਆਂ ਹਨ।


