
ਹੈਵੀ ਟਰੱਕਾਂ ਆਦਿ ਦੇ ਦਾਖ਼ਲ ਹੋਣ ਦਾ ਸਮਾਂ ਰਾਤ 9 ਵਜੇ ਤੋਂ ਸਵੇਰੇ 7 ਵਜੇ ਤੱਕ ਹੋਵੇਗਾ
ਬਰਨਾਲਾ
ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਟੀ ਬੈਨਿਥ ਨੇ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਦੁਕਾਨਦਾਰਾਂ ਵੱਲੋਂ ਸ਼ਹਿਰ ਦੇ ਸਦਰ ਬਾਜ਼ਾਰ/ਫਰਵਾਹੀ ਬਾਜ਼ਾਰ/ਹੰਡਿਆਇਆ ਬਾਜ਼ਾਰ ਅਤੇ ਕੱਚਾ ਕਾਲਜ ਰੋਡ/ਪੱਕਾ ਕਾਲਜ ਰੋਡ ਉਪਰ ਕਿਸੇ ਕਿਸਮ ਦਾ ਸਾਮਾਨ ਆਪਣੀ ਮਾਲਕੀ ਦੀ ਹੱਦ ਤੋਂ ਬਾਹਰ ਨਾ ਰੱਖਿਆ ਜਾਵੇ। ਸਦਰ ਬਾਜ਼ਾਰ ਵਿੱਚ ਕਿਸੇ ਵੀ ਕਿਸਮ ਦਾ ਫੋਰ-ਵੀਲਰ ਦਾਖ਼ਲ ਨਾ ਕੀਤਾ ਜਾਵੇ ਅਤੇ ਬਾਜ਼ਾਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਫੋਰ-ਵੀਲਰ ਦੀ ਪਾਰਕਿੰਗ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿੱਚ ਕੀਤੀ ਜਾਵੇ। ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਫਰਵਾਹੀ ਅਤੇ ਹੰਡਿਆਇਆ ਬਾਜ਼ਾਰ ਵਿੱਚ ਫੋਰ-ਵੀਲਰ ਦੀ ਪਾਰਕਿੰਗ, ਪਾਰਕਿੰਗ ਲਾਈਨਾਂ ਦੇ ਅੰਦਰ ਹੀ ਕੀਤੀ ਜਾਵੇ। ਸਾਰੇ ਬਾਜ਼ਾਰਾਂ ਵਿੱਚ ਲੋਡਿੰਗ ਵਹੀਕਲਜ਼, ਟਰੈਕਟਰ ਟਰਾਲੀਆਂ, ਟੈਂਪੂਆਂ, ਟਾਟਾ 407, ਹੈਵੀ ਟਰੱਕਾਂ ਆਦਿ ਦੇ ਦਾਖ਼ਲ ਹੋਣ ਦਾ ਸਮਾਂ ਰਾਤ 9 ਵਜੇ ਤੋਂ ਸਵੇਰੇ 7 ਵਜੇ ਤੱਕ ਹੋਵੇਗਾ। ਇਸ ਤੋਂ ਇਲਾਵਾ ਦਿਨ ਦੇ ਬਾਕੀ ਸਮੇਂ ਇਨ੍ਹਾਂ ਵਾਹਨਾਂ ਦੇ ਦਾਖ਼ਲ ਹੋਣ ’ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਇਕ ਹੋਰ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਚੱਲਣ ਵਾਲੀਆਂ ਸਰਕਾਰੀ ਅਤੇ ਨਿੱਜੀ ਬੱਸਾਂ ਵਿੱਚ ਅਸ਼ਲੀਲ ਗਾਣੇ ਚਲਾਉਣ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਕਰਨ ਵਾਲੇ ਬੱਸ ਚਾਲਕ ਜਾਂ ਕੰਡਕਟਰ ਵਿਰੁੱਧ ਸ਼ਿਕਾਇਤ ਪਾਈ ਗਈ ਤਾਂ ਉਸ ਦੇ ਖਿਲਾਫ਼ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।
ਇਸੇ ਤਰ੍ਹਾਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਵਿਕਤੀਆਂ ਦੁਆਰਾ ਚਿਹਰਾ ਢਕ ਕੇ ਵਾਹਨ (ਸਕੂਟਰ/ਮੋਟਰਸਾਈਕਲ ਆਦਿ) ਚਲਾਉਣ ਜਾਂ ਪੈਦਲ ਚੱਲਦੇ ਸਮੇਂ ਚਿਹਰਾ ਢਕ ਕੇ ਰੱਖਣ ‘ਤੇ ਪਾਬੰਦੀ ਲਗਾਈ ਹੈ। ਜਿਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲਰਜੀ ਦੀ ਵਜਾ ਕਰ ਕੇ ਮੈਡੀਕਲ ਸੁਪਰਵੀਜ਼ਨ ਹੇਠ ਮਾਸਕ ਜਾਂ ਕੋਈ ਹੋਰ ਚੀਜ਼ ਪਹਿਨੀ ਹੋਵੇਗੀ, ਇਹ ਹੁਕਮ ਓਨ੍ਹਾਂ ਵਿਕਤੀਆਂ ’ਤੇ ਲਾਗੂ ਨਹੀਂ ਹੋਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਵਿਕਤੀਆਂ ਵੱਲੋਂ ਵਾਹਨ ਚਲਾਉਦੇ ਜਾਂ ਪੈਦਲ ਚਲਦੇ ਸਮੇਂ ਚਿਹਰਾ ਢਕਣ ਨਾਲ ਸਮਾਜ ਵਿਰੋਧੀ ਅਨਸਰ ਕਿਸੇ ਵੀ ਸੰਗੀਨ ਵਾਰਦਾਤ ਨੂੰ ਅੰਜਾਮ ਦੇ ਕੇ ਪੁਲੀਸ ਤੋਂ ਬਚ ਸਕਦੇ ਹਨ। ਇਸ ਲਈ ਉਪਰੋਕਤ ਹੁਕਮ ਦਿੱਤੇ ਗਏ ਹਨ।
ਉਪਰੋਕਤ ਹੁਕਮ 18 ਜੁਲਾਈ 2025 ਤੱਕ ਲਾਗੂ ਰਹਿਣਗੇ।