
ਨਵ-ਨਿਯੁਕਤ ਪ੍ਰਧਾਨ ਗੁਰਮੇਲ ਸਿੰਘ ਮਾਨਵੀ ਨੂੰ ਦਿੱਤੀ ਵਧਾਈ
ਅਮਰਗੜ੍ਹ,16 ਜੂਨ (ਸੁਖਵਿੰਦਰ ਸਿੰਘ ਅਟਵਾਲ)-
ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਆਲ ਇੰਡੀਆ ਟ੍ਰੇਡ ਯੂਨੀਅਨ ਕਾਂਗਰਸ (ਏਟਕ) ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਇਹ ਮੀਟਿੰਗ ਏਟਕ ਦੇ ਪੰਜਾਬ ਚੇਅਰਮੈਨ ਸ਼੍ਰੀ ਸੁਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ’ਤੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਸ਼੍ਰੀ ਰਵਿੰਦਰ ਦਲਵੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਕਾਂਗਰਸ ਦੇ ਰਾਸ਼ਟਰੀ ਬੁਲਾਰੇ ਅਤੇ ਹਲਕਾ ਅਮਰਗੜ੍ਹ ਇੰਚਾਰਜ ਸਮਿਤ ਸਿੰਘ ਮਾਨ ਆਪਣੇ ਹਲਕੇ ਦੀ ਟੀਮ ਸਮੇਤ ਮੀਟਿੰਗ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਲ ਇੰਡੀਆ ਟ੍ਰੇਡ ਯੂਨੀਅਨ ਕਾਂਗਰਸ ਨੇ ਹਮੇਸ਼ਾ ਦੇਸ਼ ਦੇ ਮਜ਼ਦੂਰਾਂ ਦੀਆਂ ਮੰਗਾਂ ਲਈ ਕੰਮ ਕਰਦੇ ਹੋਏ ਪੂਰੇ ਦੇਸ਼ ਵਿੱਚ ਸਮੇਂ-ਸਮੇਂ ’ਤੇ ਅੰਦੋਲਨ ਕੀਤੇ ਹਨ ਤੇ ਸਮਾਜਿਕ ਨਿਆਂ,ਆਰਥਿਕ ਬਰਾਬਰੀ ਅਤੇ ਸੰਵਿਧਾਨਕ ਅਧਿਕਾਰਾਂ ’ਤੇ ਡੱਟ ਕੇ ਪਹਿਰੇਦਾਰੀ ਕੀਤੀ ਹੈ।
ਇਸ ਮੌਕੇ ਪਿੰਡ ਮੰਨਵੀ ਤੋਂ ਗੁਰਮੇਲ ਸਿੰਘ ਨੂੰ ਮਲੇਰਕੋਟਲਾ ਜ਼ਿਲ੍ਹੇ ਲਈ ਆਲ ਇੰਡੀਆ ਟ੍ਰੇਡ ਯੂਨੀਅਨ ਕਾਂਗਰਸ (ਏਟਕ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ’ਤੇ ਸਮਿਤ ਸਿੰਘ ਮਾਨ ਨੇ ਗੁਰਮੇਲ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਗੁਰਮੇਲ ਸਿੰਘ ਮਜ਼ਦੂਰ ਭਾਈਚਾਰੇ ਨੂੰ ਕਾਂਗਰਸ ਤੇ ਰਾਹੁਲ ਗਾਂਧੀ ਦੀ ਵਿਚਾਰਧਾਰਾ ਨਾਲ ਜੋੜਨ ਦੇ ਨਾਲ-ਨਾਲ,ਮਜ਼ਦੂਰਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਸਮਿਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਆਜ ਦੇ ਯੁੱਗ ਵਿੱਚ,ਜਦ ਮਜ਼ਦੂਰਾਂ ਦੇ ਅਧਿਕਾਰਾਂ ’ਤੇ ਹਮਲੇ ਹੋ ਰਹੇ ਹਨ ਤਾਂ ਇਸ ਵੇਲੇ ਆਲ ਇੰਡੀਆ ਟ੍ਰੇਡ ਯੂਨੀਅਨ ਕਾਂਗਰਸ ਵਰਗੀ ਸੰਘਰਸ਼ੀਲ ਯੂਨੀਅਨ ਦੀ ਭੂਮਿਕਾ ਹੋਰ ਵੀ ਮਹੱਤਵਪੂਰਨ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਜ਼ਦੂਰ,ਕਿਸਾਨ ਤੇ ਘੱਟ ਗਿਣਤੀ ਵਰਗਾਂ ਦੇ ਹੱਕ ਵਿੱਚ ਖੜ੍ਹੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਇਹ ਸੰਘਰਸ਼ ਜਾਰੀ ਰਹੇਗਾ।
ਗੁਰਮੇਲ ਸਿੰਘ ਨੇ ਮਲੇਰਕੋਟਲਾ ਜ਼ਿਲ੍ਹੇ ਲਈ ਆਲ ਇੰਡੀਆ ਟ੍ਰੇਡ ਯੂਨੀਅਨ ਕਾਂਗਰਸ (ਏਟਕ) ਦਾ ਪ੍ਰਧਾਨ ਲਾਏ ਜਾਣ ’ਤੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਸ਼੍ਰੀ ਰਵਿੰਦਰ ਦਲਵੀ,ਏਟਕ ਦੇ ਪੰਜਾਬ ਚੇਅਰਮੈਨ ਸ਼੍ਰੀ ਸੁਰਿੰਦਰ ਕੁਮਾਰ ਸ਼ਰਮਾ, ਸਾਬਕਾ ਮੰਤਰੀ ਪੰਜਾਬ ਰਜੀਆ ਸੁਲਤਾਨਾ ਤੇ ਹਲਕਾ ਅਮਰਗੜ੍ਹ ਦੇ ਇੰਚਾਰਜ ਸਮਿਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ।