
ਬਰਨਾਲਾ ‘ਚ ਮੀਂਹ ਕਾਰਨ ਮਕਾਨ ਦੀ ਛੱਤ ਡਿੱਗਣ ਨਾਲ ਮਜ਼ਦੂਰ ਦੀ ਮੌਤ, ਵਿਧਾਇਕ ਕੁਲਦੀਪ ਸਿੰਘ ਢਿੱਲੋਂ ਦੇ ਪਰਿਵਾਰ ਵੱਲੋਂ 50 ਹਜ਼ਾਰ ਦੀ ਮਾਲੀ ਸਹਾਇਤਾ
ਬਰਨਾਲਾ, 7 ਸਤੰਬਰ(ਹਿਮਾਂਸ਼ੂ ਗੋਇਲ)
ਪੰਜਾਬ ‘ਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੇ ਮੀਂਹ ਕਾਰਨ ਜਿੱਥੇ ਵੱਡੀ ਮਾਤਰਾ ‘ਚ ਮਾਲੀ ਨੁਕਸਾਨ ਹੋਇਆ ਹੈ, ਉਥੇ ਕਈ ਥਾਵਾਂ ‘ਤੇ ਕਮਜ਼ੋਰ ਮਕਾਨਾਂ ਦੀਆਂ ਛੱਤਾਂ ਡਿੱਗਣ ਕਾਰਨ ਕੀਮਤੀ ਜਾਨਾਂ ਵੀ ਜਾ ਰਹੀਆਂ ਹਨ। ਐਸੇ ਹੀ ਇਕ ਦੁਖਦਾਈ ਘਟਨਾ ਬਰਨਾਲਾ ਸ਼ਹਿਰ ਦੀ ਬਾਜੀਗਰ ਬਸਤੀ ‘ਚ ਵਾਪਰੀ, ਜਿਥੇ ਮਿਉਂਸਪਲ ਕਮੇਟੀ ਦੇ ਨੇੜੇ ਇਕ ਮਜ਼ਦੂਰ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਗਈ।
ਇਸ ਹਾਦਸੇ ਵਿੱਚ ਪਰਿਵਾਰ ਦੇ ਮੁਖੀ ਲਖਵਿੰਦਰ ਸਿੰਘ ਦੀ ਮੌਤ ਹੋ ਗਈ, ਜਦਕਿ ਉਸਦੀ ਪਤਨੀ ਅਤੇ ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਪੀੜ੍ਹਤ ਪਰਿਵਾਰ ਨੂੰ ਮਾਲੀ ਮਦਦ ਦਿੱਤੀ ਗਈ, ਉਥੇ ਕਈ ਸਮਾਜਸੇਵੀ ਜਥੇਬੰਦੀਆਂ ਵੀ ਮਦਦ ਲਈ ਅੱਗੇ ਆਈਆਂ।
ਇਸ ਦੌਰਾਨ, ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਪਰਿਵਾਰ ਵੱਲੋਂ ਵੀ ਮਨੁੱਖਤਾ ਦੀ ਮਿਸਾਲ ਪੇਸ਼ ਕਰਦਿਆਂ ਲਖਵਿੰਦਰ ਸਿੰਘ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਗਈ। ਵਿਧਾਇਕ ਦੀ ਧਰਮਪਤਨੀ ਸ਼੍ਰੀਮਤੀ ਰਾਜਪ੍ਰੀਤ ਕੌਰ ਢਿੱਲੋਂ ਨੇ ਵਿਅਕਤੀਗਤ ਤੌਰ ‘ਤੇ ਪੀੜ੍ਹਤ ਪਰਿਵਾਰ ਨੂੰ ₹50,000 ਦੀ ਮਾਲੀ ਸਹਾਇਤਾ ਦਿੱਤੀ ਅਤੇ ਭਵਿੱਖ ਵਿੱਚ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।
ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕੁਦਰਤੀ ਆਫ਼ਤਾਂ ਦੇ ਸਮੇਂ ਅਸੀਂ ਸਭ ਨੂੰ ਅੱਗੇ ਆ ਕੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਸਰਬਜੀਤ ਕੌਰ ਖੁੱਡੀ, ਕਾਂਗਰਸ ਬਲਾਕ ਸ਼ਹਿਰੀ ਪ੍ਰਧਾਨ ਮਹੇਸ਼ ਕੁਮਾਰ ਲੋਟਾ, ਯੂਥ ਆਗੂ ਲੱਕੀ ਕੰਡਾ ਅਤੇ ਜ਼ਿਲ੍ਹਾ ਜਨਰਲ ਸੈਕਟਰੀ ਰਾਜਨ ਗੋਇਲ ਵੀ ਹਾਜ਼ਰ ਸਨ।