
ਯੁੱਧ ਨਸ਼ਿਆਂ ਵਿਰੁੱਧ: ਮੈਡੀਕਲ ਸਟੋਰਾਂ ਦੀ ਚੈਕਿੰਗ ਜਾਰੀ
ਇਕ ਮੈਡੀਕਲ ਸਟੋਰ ‘ਚ ਡਰਗਜ਼ ਅਤੇ ਕਾਸਮੈਟਿਕ ਐਕਟ ਦੀਆਂ ਧਰਾਵਾਂ ਦੀ ਉਲੰਘਣਾ
ਬਰਨਾਲਾ
ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿੱਚ ਜਿੱਥੇ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਕਾਰਵਾਈਆਂ ਜਾ ਰਹੀਆਂ ਹਨ, ਓਥੇ ਨਸ਼ਾ ਵੇਚਣ ਵਾਲਿਆਂ ਜਾਂ ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲਿਆਂ ਵਿਰੁੱਧ ਵੀ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ।
ਡਰੱਗ ਕੰਟਰੋਲ ਅਫ਼ਸਰ ਬਰਨਾਲਾ ਪਰਨੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਮੈਡੀਕਲ ਸਟੋਰਾਂ ਦੀ ਚੈਕਿੰਗ ਲਗਾਤਾਰ ਜਾਰੀ ਹੈ। ਓਨ੍ਹਾਂ ਦੱਸਿਆ ਕਿ ਪਿੰਡ ਪੰਧੇਰ, ਰੂੜੇਕੇ ਕਲਾਂ ਅਤੇ ਰਾਜੀਆ ਪਿੰਡਾਂ ਦੇ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਰੂੜੇਕੇ ਦੇ ਇਕ ਮੈਡੀਕਲ ਸਟੋਰ ‘ਤੇ ਡਰਗਜ਼ ਅਤੇ ਕਾਸਮੈਟਿਕ ਐਕਟ ਦੀਆਂ ਧਰਾਵਾਂ ਦੀ ਉਲੰਘਣਾ ਪਾਈ ਗਈ। ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਅਗਲੀ ਕਾਰਵਾਈ ਲਈ ਸੂਚਿਤ ਕੀਤਾ ਗਿਆ ਹੈ ਅਤੇ ਡਰਗਜ਼ ਅਤੇ ਕਾਸਮੈਟਿਕ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।
ਓਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਦੇ ਵੱਡੀ ਗਿਣਤੀ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਐਕਟ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨੀ ਵੀ ਇਹ ਮੁਹਿੰਮ ਜਾਰੀ ਰਹੇਗੀ।