

ਮੁੱਖ ਮੰਤਰੀ ਸਿਹਤ ਯੋਜਨਾ ਦੀ 22 ਜਨਵਰੀ ਤੋਂ ਹੋਵੇਗੀ ਰਸਮੀ ਸ਼ੁਰੂਆਤ: ਡਾ. ਬਲਬੀਰ ਸਿੰਘ
ਕਿਹਾ, ਲਗਾਤਾਰ ਕੀਤੀ ਜਾ ਰਹੀ ਹੈ ਡਾਕਟਰਾਂ ਦੀ ਭਰਤੀ, ਹਸਪਤਾਲਾਂ ਦੇ ਰੱਖ-ਰਖਾਅ ਲਈ ਰੱਖੇ ਜਾਣਗੇ ਫ਼ੈਸਿਲਟੀ ਮੈਨੇਜਰ*
ਯੁੱਧ ਨਸ਼ਿਆਂ ਵਿਰੁੱਧ-2.0 ਅਧੀਨ ਪਿੰਡਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ ਪਦਯਾਤਰਾਵਾਂ*
ਸਿਹਤ ਮੰਤਰੀ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਯੁੱਧ ਨਸ਼ਿਆਂ ਵਿਰੁੱਧ 2.0 ਤਹਿਤ ਕੀਤੀ ਗਈ ਅਹਿਮ ਮੀਟਿੰਗ
ਬਰਨਾਲਾ, 13 ਜਨਵਰੀ(ਹਿਮਾਂਸ਼ੂ ਗੋਇਲ)
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ – ਨਿਰਦੇਸ਼ਾਂ ਅਨੁਸਾਰ ਜਿੱਥੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ 2.0 ਮੁਹਿੰਮ ਦਾ ਆਗਾਜ਼ ਹੋ ਚੁੱਕਿਆ ਹੈ, ਓਥੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ 22 ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਸਮੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਇਸ ਤੋਂ ਪਹਿਲਾਂ ਓਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ, ਸਿਹਤ ਵਿਭਾਗ ਅਤੇ ਪੁਲੀਸ ਵਿਭਾਗ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਅਹਿਮ ਮੀਟਿੰਗ ਕੀਤੀ।
ਓਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਸਮੀ ਸ਼ੁਰੂਆਤ 22 ਜਨਵਰੀ ਤੋਂ ਕੀਤੀ ਜਾਵੇਗੀ ਜਿਸ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਮਿਲੇਗੀ। ਇਸ ਸਕੀਮ ਤਹਿਤ ਸਰਕਾਰੀ ਹਸਪਤਾਲ, ਮੈਡੀਕਲ ਕਾਲਜ ਅਤੇ 650 ਦੇ ਕਰੀਬ ਪ੍ਰਾਈਵੇਟ ਹਸਪਤਾਲ ਸੂਚੀਬੱਧ ਕੀਤੇ ਗਏ ਹਨ। ਜ਼ਿਲ੍ਹਾ ਬਰਨਾਲਾ ਵਿੱਚ 247 ਥਾਵਾਂ ‘ਤੇ ਸ਼ਡਿਊਲ ਅਨੁਸਾਰ ਕੈਂਪ ਲੱਗਣਗੇ ਜਿਨ੍ਹਾਂ ਵਿਚ ਸਾਰੇ 162 ਪਿੰਡ ਅਤੇ 85 ਵਾਰਡ ਸ਼ਾਮਲ ਹਨ। ਓਨ੍ਹਾਂ ਕਿਹਾ ਕਿ ਹਰ ਪਰਿਵਾਰ ਨੂੰ ਰਜਿਸਟ੍ਰੇਸ਼ਨ ਸਲਿਪ ਦਿੱਤੀ ਜਾਵੇਗੀ।
ਓਨ੍ਹਾਂ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਡਾਕਟਰਾਂ ਦੀ ਘਾਟ ਪੂਰੀ ਕਰਨ ਲਈ ਲਗਾਤਾਰ ਭਰਤੀ ਕੀਤੀ ਜਾ ਰਹੀ ਹੈ। ਓਨ੍ਹਾਂ ਕਿਹਾ ਕਿ 1400 ਜਨਰਲ ਡਿਊਟੀ ਮੈਡੀਕਲ ਅਫ਼ਸਰ ਭਰਤੀ ਕੀਤੇ ਹਨ ਅਤੇ 170 ਡਾਕਟਰ ਹੋਰ ਆਉਣਗੇ। ਓਨ੍ਹਾਂ ਕਿਹਾ ਸਪੈਸ਼ਲਿਸਟ ਵੀ ਭਰਤੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕ ਵੀ ਲੋਕਾਂ ਲਈ ਬੇਹੱਦ ਲਾਹੇਵੰਦ ਸਾਬਿਤ ਹੋ ਰਹੇ ਹਨ ਤੇ ਸਟਾਫ਼ ਨਰਸਾਂ ਦੀ ਵੀ ਭਰਤੀ ਕੀਤੀ ਜਾ ਰਹੀ ਹੈ। ਓਨ੍ਹਾਂ ਕਿਹਾ ਕਿ ਹਸਪਤਾਲਾਂ ਦੇ ਰੱਖ-ਰਖਾਅ ਲਈ ਫ਼ੈਸਿਲਟੀ ਮੈਨੇਜਰ ਵੀ ਭਰਤੀ ਕੀਤੇ ਜਾਣਗੇ।
ਸਿਹਤ ਮੰਤਰੀ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ 2.0 ਅਧੀਨ ਪਿੰਡਾਂ ਵਿੱਚ ਪਦ ਯਾਤਰਾਵਾਂ ਸ਼ੁਰੂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਨਸ਼ਾ ਪੀੜਤਾਂ ਨੂੰ ਮੁੱਖ ਧਾਰਾ ਵਿੱਚ ਲਿਆ ਕੇ ਹੁਨਰ ਵਿਕਾਸ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਯੋਗ ਪਰਿਵਾਰ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ, ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਰਮਿੰਦਰ ਸਿੰਘ ਭੰਗੂ, ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਆਈ ਏ ਐੱਸ, ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ, ਸਿਵਲ ਸਰਜਨ ਡਾ. ਹਰੀਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਗੁਰਮਿੰਦਰ ਕੌਰ ਔਜਲਾ ਤੇ ਹੋਰ ਅਧਿਕਾਰੀ ਹਾਜ਼ਰ ਸਨ।


