

ਪੁਸਤਕ ਮੇਲੇ ਨਾਲ ਜੁੜ ਕੇ ਵਿਦਿਆਰਥੀਆਂ ਨੂੰ ਮਿਲਦੀ ਹੈ ਸਾਹਿਤ ਨਾਲ ਨਜ਼ਦੀਕੀ : ਪ੍ਰਿੰ. ਮਲਵਿੰਦਰ ਸਿੰਘ
ਭਦੌੜ, (ਹਿਮਾਂਸ਼ੂ ਗੋਇਲ):
ਮੀਰੀ ਪੀਰੀ ਖਾਲਸਾ ਕਾਲਜ ਭਦੌੜ, ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਿਹਾ ਹੈ, ਦੇ ਵਿਦਿਆਰਥੀਆਂ ਨੇ ਹਾਲ ਹੀ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਆਯੋਜਿਤ ਪੁਸਤਕ ਮੇਲੇ ਵਿੱਚ ਭਾਗ ਲਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬੀ ਵਿਭਾਗ ਦੀ ਮੁਖੀ ਡਾ. ਮਨਦੀਪ ਕੌਰ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ 30 ਮਾਰਚ ਤੋਂ 3 ਅਪ੍ਰੈਲ ਤੱਕ ਪੁਸਤਕ ਮੇਲੇ ਦਾ ਆਯੋਜਨ ਕੀਤਾ ਗਿਆ ਸੀ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਮਲਵਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਇਸ ਮੇਲੇ ਵਿੱਚ ਸ਼ਿਰਕਤ ਕੀਤੀ।
ਵਿਦਿਆਰਥੀਆਂ ਨੇ ਮੇਲੇ ਦਾ ਖੂਬ ਆਨੰਦ ਮਾਣਿਆ ਅਤੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਤ ਸਾਹਿਤਕਾਰਾਂ ਨੂੰ ਨੇੜਿਓਂ ਦੇਖਣ ਅਤੇ ਸਮਝਣ ਦਾ ਮੌਕਾ ਪ੍ਰਾਪਤ ਕੀਤਾ।
ਇਸ ਮੌਕੇ ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਪੰਜਾਬੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਅਜਿਹੇ ਮੌਕੇ ਮਿਲਣੇ ਚਾਹੀਦੇ ਹਨ, ਜਿਨ੍ਹਾਂ ਨਾਲ ਉਹ ਕਿਤਾਬਾਂ ਅਤੇ ਸਾਹਿਤ ਨਾਲ ਜੁੜ ਸਕਣ। ਉਨ੍ਹਾਂ ਨੇ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਡਾ. ਵੰਦਨਾ ਸੁਖੀਜਾ, ਪ੍ਰੋ. ਭਿੰਦਰਜੀਤ ਕੌਰ, ਪ੍ਰੋ. ਜਸਪ੍ਰੀਤ ਸਿੰਘ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।


