

📰 ਮੋਟਰਸਾਈਕਲਾਂ ਦੀ ਟੱਕਰ ’ਚ ਦੋ ਵਿਅਕਤੀ ਗੰਭੀਰ ਜਖਮੀ
ਬਰਨਾਲਾ, 23 ਅਪ੍ਰੈਲ (ਹਿਮਾਂਸ਼ੂ ਗੋਇਲ)
ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਪਿੰਡ ਅਸਪਾਲ ਕਲਾਂ ਨੇੜੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਵਿੱਚ ਦੋ ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਅਨੁਸਾਰ ਸੜਕ ਸੁਰੱਖਿਆ ਫੋਰਸ ਬਰਨਾਲਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਅਮਰੀਕ ਸਿੰਘ ਜਟਾਣਾ ਨੇ ਦੱਸਿਆ ਕਿ ਥਾਣਾ ਧਨੌਲਾ ਦੇ ਮੁਣਸੀ ਰਾਹੀਂ ਸੂਚਨਾ ਮਿਲੀ ਕਿ ਪਿੰਡ ਅਸਪਾਲ ਕਲਾਂ ਨੇੜੇ ਸੜਕ ਹਾਦਸਾ ਵਾਪਰਿਆ ਹੈ। ਸੂਚਨਾ ਮਿਲਣ ਉਪਰੰਤ ਐਸ.ਐਸ.ਐਫ. ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਹਾਲਾਤਾਂ ਦਾ ਜਾਇਜ਼ਾ ਲਿਆ।
ਉਹਨਾਂ ਦੱਸਿਆ ਕਿ ਹਾਦਸੇ ਵਿੱਚ ਜਖਮੀ ਦੋਵੇਂ ਵਿਅਕਤੀਆਂ ਨੂੰ ਮੌਕੇ ’ਤੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਅੱਗੇ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਰੈਫਰ ਕਰ ਦਿੱਤਾ ਗਿਆ।
ਇਸ ਘਟਨਾ ਸਬੰਧੀ ਜਾਣਕਾਰੀ ਥਾਣਾ ਧਨੌਲਾ ਦੇ ਡਿਊਟੀ ਅਧਿਕਾਰੀ ਜਗਸੀਰ ਸਿੰਘ ਨੂੰ ਦੇ ਦਿੱਤੀ ਗਈ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।
ਇਸ ਮੌਕੇ ਸੜਕ ਸੁਰੱਖਿਆ ਫੋਰਸ ਦੇ ਸਿਪਾਹੀ ਵੀਰਪਾਲ ਕੌਰ ਅਤੇ ਸਿਪਾਹੀ ਜਸ਼ਨਦੀਪ ਕੌਰ ਵੀ ਮੌਜੂਦ ਸਨ।


