

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਮਾਂ ਦਿਵਸ ਧੂਮਧਾਮ ਨਾਲ ਮਨਾਇਆ
ਬਰਨਾਲਾ (ਹਿਮਾਂਸ਼ੂ ਗੋਇਲ)
ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਅੰਤਰਰਾਸ਼ਟਰੀ ਮਾਂ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਪ੍ਰਤੀ ਪਿਆਰ, ਸਤਿਕਾਰ ਅਤੇ ਕ੍ਰਿਤੱਜਤਾ ਪ੍ਰਗਟਾਉਣ ਲਈ ਵੱਖ-ਵੱਖ ਵਿਦਿਅਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲਿਆ।
ਐੱਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਵਿਦਿਆਰਥੀਆਂ ਵੱਲੋਂ ਮਨਮੋਹਕ ਡਾਂਸ ਪੇਸ਼ ਕੀਤੇ ਗਏ, ਜਦਕਿ ਪਹਿਲੀ ਤੋਂ ਤੀਜੀ ਜਮਾਤ ਦੇ ਬੱਚਿਆਂ ਨੇ ਕਲਪਨਾ ਰੰਗਣ ਗਤੀਵਿਧੀ ਵਿੱਚ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ। ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੰਗ-ਬਿਰੰਗੇ ਕਾਗਜ਼ਾਂ ਅਤੇ ਰੰਗਾਂ ਦੀ ਮਦਦ ਨਾਲ ਆਪਣੀਆਂ ਮਾਵਾਂ ਲਈ ਸੁੰਦਰ ਅਤੇ ਦਿਲ ਨੂੰ ਛੂਹਣ ਵਾਲੇ ਗ੍ਰੀਟਿੰਗ ਕਾਰਡ ਤਿਆਰ ਕੀਤੇ।
ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਮਾਂ ਦੀ ਮਮਤਾ, ਤਿਆਗ ਅਤੇ ਕੁਰਬਾਨੀ ਨੂੰ ਸਮਰਪਿਤ ਕਵਿਤਾ ਉਚਾਰਨ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੇਂਟਿੰਗ ਮੁਕਾਬਲੇ ਵਿੱਚ ਭਾਗ ਲਿਆ, ਜਦਕਿ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਵੁਕ ਕਵਿਤਾਵਾਂ ਰਾਹੀਂ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਆਪਣੇ ਰਿਸ਼ਤਿਆਂ ਦੀ ਅਹਿਮੀਅਤ ਸਮਝਣ ਵਿੱਚ ਮਦਦ ਮਿਲਦੀ ਹੈ।
ਸਕੂਲ ਦੇ ਐੱਮ.ਡੀ. ਸ. ਰਣਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਮਾਂ ਰੱਬ ਦਾ ਦੂਜਾ ਰੂਪ ਹੈ ਅਤੇ ਸਾਡੀ ਜ਼ਿੰਦਗੀ ਵਿੱਚ ਉਸ ਦਾ ਦਰਜਾ ਸਭ ਤੋਂ ਉੱਚਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਆਪਣੀਆਂ ਮਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।


