

ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਨਗਰ ਕੌਂਸਲ ਚੋਣਾਂ ਸਬੰਧੀ ਆਗੂਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਭਦੌੜ/ਬਰਨਾਲਾ, 14 ਮਈ (ਹਿਮਾਂਸ਼ੂ ਗੋਇਲ): ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ-ਆਪਣੇ ਪੱਧਰ ’ਤੇ ਇਮਾਨਦਾਰ ਅਤੇ ਪ੍ਰਭਾਵਸ਼ਾਲੀ ਉਮੀਦਵਾਰਾਂ ਦੀ ਚੋਣ ਲਈ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸੇ ਕੜੀ ਤਹਿਤ ਨਗਰ ਕੌਂਸਲ ਭਦੌੜ ਦੀਆਂ ਚੋਣਾਂ ਸਬੰਧੀ ਸੀਨੀਅਰ ਕਾਂਗਰਸੀ ਆਗੂ ਬੀਬੀ ਸੁਰਿੰਦਰ ਕੌਰ ਬਾਲੀਆਂ ਵੱਲੋਂ ਸਾਬਕਾ ਵਾਈਸ ਪ੍ਰਧਾਨ ਤਰਸੇਮ ਲਾਲ ਬੱਬੂ ਛੂੜਾ ਦੇ ਗ੍ਰਹਿ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ।
ਮੀਟਿੰਗ ਦੌਰਾਨ ਸਾਬਕਾ ਕੌਂਸਲਰ ਬੀਬੀ ਗਿਆਨ ਕੌਰ (ਵਾਰਡ ਨੰਬਰ 1), ਗੋਕਲ ਸਿੰਘ (ਵਾਰਡ ਨੰਬਰ 10), ਰਾਜਾ ਸਿੰਘ (ਵਾਰਡ ਨੰਬਰ 9) ਅਤੇ ਗੁਰਪ੍ਰੀਤ ਸਿੰਘ ਰਾਜਾ (ਵਾਰਡ ਨੰਬਰ 13) ਨਾਲ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਪਣਾ ਜਨ ਆਧਾਰ ਗੁਆ ਚੁੱਕੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਵਿੱਚ ਨਾਰਾਜ਼ਗੀ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਮੁਲਾਜ਼ਮ ਵਰਗ, ਵਪਾਰੀ, ਛੋਟੇ ਦੁਕਾਨਦਾਰ ਅਤੇ ਗਰੀਬ ਵਰਗ ਸਰਕਾਰ ਤੋਂ ਨਿਰਾਸ਼ ਹੋ ਚੁੱਕੇ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਨੂੰ ਮੁੜ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ।
ਇਸ ਮੌਕੇ ਰਾਜਵੀਰ ਸਿੰਗਲਾ (ਸਾਬਕਾ ਬਲਾਕ ਪ੍ਰਧਾਨ), ਮਨਜੀਤ ਕੌੜਾ, ਸੁੰਦਰ ਥਿੰਦ, ਬਲਵੀਰ ਰਾਮਗੜੀਆ, ਹਰਦੀਪ ਸਿੰਘ, ਦਲੀਪ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਲਾਭ ਸਿੰਘ ਅਟਵਾਲ ਅਤੇ ਨਾਇਬ ਸਿੰਘ ਰੂੜੇਕੇ ਸਮੇਤ ਹੋਰ ਆਗੂ ਵੀ ਹਾਜ਼ਰ ਸਨ।


