

ਮੀਰੀ ਪੀਰੀ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਭਦੌੜ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਆਯੋਜਨ
ਬਰਨਾਲਾ (ਹਿਮਾਂਸ਼ੂ ਗੋਇਲ): ਮਾਲਵਾ ਖੇਤਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਮੀਰੀ ਪੀਰੀ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਭਦੌੜ, ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਹੈ, ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਭਿੰਦਰਜੀਤ ਕੌਰ ਨੇ ਦੱਸਿਆ ਕਿ ਪ੍ਰਿੰਸੀਪਲ ਮਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਇਹ ਮਿਲਣੀ ਕਰਵਾਈ ਗਈ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਬਣਾਉਣਾ ਸੀ।
ਮਿਲਣੀ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਸਮੁੱਚੀ ਕਾਰਗੁਜ਼ਾਰੀ ਸਬੰਧੀ ਜਾਣਕਾਰੀ ਮਾਪਿਆਂ ਨਾਲ ਸਾਂਝੀ ਕੀਤੀ ਗਈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਿਦਿਆਰਥੀ, ਅਧਿਆਪਕ ਅਤੇ ਮਾਪਿਆਂ ਵਿਚਕਾਰ ਆਪਸੀ ਸਹਿਯੋਗ ਅਤੇ ਸੰਚਾਰ ਬਹੁਤ ਜ਼ਰੂਰੀ ਹੈ, ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।
ਉਨ੍ਹਾਂ ਦੱਸਿਆ ਕਿ ਸੰਸਥਾ ਵਿੱਚ ਵਿਦਿਆਰਥੀਆਂ ਨੂੰ ਧਾਰਮਿਕ, ਸੱਭਿਆਚਾਰਕ ਅਤੇ ਵਿੱਦਿਅਕ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾਂਦੇ ਹਨ, ਜਿਸ ਕਾਰਨ ਸੰਸਥਾ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਕੇ ਸੰਸਥਾ ਦਾ ਨਾਮ ਰੌਸ਼ਨ ਕਰ ਰਹੇ ਹਨ।
ਇਸ ਮੌਕੇ ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਕਿਹਾ ਕਿ ਸੰਸਥਾ ਦਾ ਸਮੂਹ ਸਟਾਫ਼ ਵਿਦਿਆਰਥੀਆਂ ਦੇ ਮਾਰਗਦਰਸ਼ਨ ਅਤੇ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਪੜ੍ਹਾਈ ਅਤੇ ਸ਼ਖ਼ਸੀਅਤ ਨਿਰਮਾਣ ਵਿੱਚ ਸਕੂਲ ਨਾਲ ਨਿਰੰਤਰ ਸਹਿਯੋਗ ਬਣਾਈ ਰੱਖਣ।
ਇਸ ਮੌਕੇ ਡਾ. ਵੰਦਨਾ ਸੁਖੀਜਾ, ਪ੍ਰੋ. ਭਿੰਦਰਜੀਤ ਕੌਰ, ਪ੍ਰੋ. ਸੁਖਜੀਤ ਸਿੰਘ, ਪ੍ਰੋ. ਹਰਜਿੰਦਰ ਕੌਰ, ਪ੍ਰੋ. ਸਿਮਰਜੀਤ ਕੌਰ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।


