


ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਜਸਮੇਲ ਸਿੰਘ ਡੈਰੀਵਾਲਾ ਦਾ ਰੋਸ ਪ੍ਰਦਰਸ਼ਨ
ਸਿਰ ‘ਤੇ ਚੁੱਕ ਕੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਬਰਨਾਲਾ, 9 ਜੂਨ (ਹਿਮਾਂਸ਼ੂ ਗੋਇਲ):ਘਰੇਲੂ ਗੈਸ ਸਿਲੰਡਰ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਐਸ.ਸੀ. ਵਿਭਾਗ ਪੰਜਾਬ ਦੇ ਜਨਰਲ ਸਕੱਤਰ ਜਸਮੇਲ ਸਿੰਘ ਡੈਰੀਵਾਲਾ ਨੇ ਪਿੰਡ ਟੱਲੇਵਾਲ ਵਿਖੇ ਗੈਸ ਸਿਲੰਡਰ ਸਿਰ ‘ਤੇ ਚੁੱਕ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਡੈਰੀਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਆਮ ਲੋਕਾਂ ਲਈ ਜੀਵਨ ਯਾਪਨ ਕਰਨਾ ਦਿਨੋਂ-ਦਿਨ ਔਖਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਨੇ ਲੋਕਾਂ ਦੇ ਘਰੇਲੂ ਬਜਟ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਗੈਸ ਸਿਲੰਡਰ ਮਹਿੰਗਾ ਹੋਣ ਨਾਲ ਸਭ ਤੋਂ ਵੱਧ ਪ੍ਰਭਾਵ ਘਰੇਲੂ ਮਹਿਲਾਵਾਂ ਅਤੇ ਮੱਧ ਵਰਗ ਦੇ ਪਰਿਵਾਰਾਂ ‘ਤੇ ਪਿਆ ਹੈ। ਨਾਲ ਹੀ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਣ ਦੀ ਸੰਭਾਵਨਾ ਬਣ ਗਈ ਹੈ।
ਡੈਰੀਵਾਲਾ ਨੇ ਭਾਜਪਾ ਆਗੂ ਸਮ੍ਰਿਤੀ ਇਰਾਨੀcਨੂੰ ਸਵਾਲ ਕਰਦਿਆਂ ਕਿਹਾ ਕਿ ਜਦੋਂ ਡਾ. ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਗੈਸ ਸਿਲੰਡਰ ਦੀ ਕੀਮਤ ਕਰੀਬ 410 ਰੁਪਏ ਸੀ ਤਾਂ ਉਹ ਸੜਕਾਂ ‘ਤੇ ਉਤਰ ਕੇ ਵਿਰੋਧ ਕਰਦੇ ਸਨ, ਪਰ ਹੁਣ ਆਪਣੀ ਸਰਕਾਰ ਦੇ ਸਮੇਂ ਕੀਮਤਾਂ ਵਿੱਚ ਹੋ ਰਹੇ ਵਾਧੇ ‘ਤੇ ਚੁੱਪ ਕਿਉਂ ਹਨ।
ਉਨ੍ਹਾਂ ਕਿਹਾ ਕਿ ਮਹਿੰਗਾਈ ਦਾ ਬੋਝ ਪੂਰੇ ਦੇਸ਼ ਦੀ ਜਨਤਾ ‘ਤੇ ਪੈ ਰਿਹਾ ਹੈ, ਪਰ ਮਜ਼ਦੂਰ ਅਤੇ ਮੱਧ ਵਰਗ ਇਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਤੁਰੰਤ ਵਾਪਸ ਲਈਆਂ ਜਾਣ ਤਾਂ ਜੋ ਲੋਕਾਂ ਨੂੰ ਹੋਰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਾਬਕਾ ਕੌਂਸਲਰ ਰਾਣੀ ਕੌਰ, ਬਲਾਕ ਕਾਂਗਰਸ ਮਹਿਲਾ ਵਿੰਗ ਦੀ ਪ੍ਰਧਾਨ ਪਰਮਜੀਤ ਕੌਰ ਟੱਲੇਵਾਲ,ਗੁਰਮੀਤ ਕੌਰ,ਬਲਵਿੰਦਰ ਸਿੰਘ ਅਤੇ ਅਮਨਦੀਪ ਕੌਰ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।


