

ਭਦੌੜ ਹਲਕੇ ਦੇ ਵਿਕਾਸ ਅਤੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ: ਬੀਬੀ ਸੁਰਿੰਦਰ ਕੌਰ ਬਾਲੀਆ
ਕਾਂਗਰਸ ਪਾਰਟੀ ਦਾ ਇਤਿਹਾਸ ਲੋਕ ਹਿੱਤਾਂ ਅਤੇ ਜਨ ਸਰੋਕਾਰਾਂ ਨਾਲ ਜੁੜਿਆ ਰਿਹਾ ਹੈ: ਬੀਬੀ ਬਾਲੀਆ
ਬਰਨਾਲਾ, 16 ਜੂਨ(ਹਿਮਾਂਸ਼ੂ ਗੋਇਲ)
ਸੀਨੀਅਰ ਕਾਂਗਰਸੀ ਆਗੂ ਬੀਬੀ ਸੁਰਿੰਦਰ ਕੌਰ ਬਾਲੀਆ ਨੇ ਧ ਸਾਡੇ ਪ੍ਰਤੀਨਿਧੀ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਹੱਕਾਂ, ਖੇਤਰ ਦੇ ਵਿਕਾਸ ਅਤੇ ਜਨਤਾ ਨਾਲ ਜੁੜੇ ਮੁੱਦਿਆਂ ਲਈ ਆਵਾਜ਼ ਉਠਾਉਂਦੇ ਰਹਿਣਗੇ।
ਉਨ੍ਹਾਂ ਅੱਗੇ ਕਿਹਾ ਕਿ ਭਦੌੜ ਹਲਕੇ ਦੇ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਅਨੁਸਾਰ ਖੇਤਰ ਵਿੱਚ ਬੁਨਿਆਦੀ ਸਹੂਲਤਾਂ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਨਾਲ ਸਬੰਧਤ ਕਈ ਮੁੱਦੇ ਲੋਕਾਂ ਵੱਲੋਂ ਲਗਾਤਾਰ ਉਠਾਏ ਜਾ ਰਹੇ ਹਨ। ਇਨ੍ਹਾਂ ਮਸਲਿਆਂ ਨੂੰ ਸਬੰਧਤ ਫੋਰਮਾਂ ਅਤੇ ਸਰਕਾਰੀ ਪੱਧਰ ‘ਤੇ ਉਠਾਉਣ ਲਈ ਉਹ ਲਗਾਤਾਰ ਯਤਨਸ਼ੀਲ ਹਨ।
ਬੀਬੀ ਬਾਲੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਲੋਕ ਹਿੱਤਾਂ ਅਤੇ ਜਨ ਸਰੋਕਾਰਾਂ ਨਾਲ ਜੁੜਿਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਅਤੇ ਆਗੂ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਲੋਕਤੰਤਰ ਵਿੱਚ ਆਖਰੀ ਫ਼ੈਸਲਾ ਹਮੇਸ਼ਾ ਜਨਤਾ ਦਾ ਹੁੰਦਾ ਹੈ ਅਤੇ ਰਾਜਨੀਤਿਕ ਪਾਰਟੀਆਂ ਨੂੰ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਚਾਹੀਦਾ ਹੈ।
ਉਨ੍ਹਾਂ ਗੱਲਬਾਤ ਜਾਰੀ ਰੱਖਦਿਆਂ ਕਿਹਾ ਕਿ ਭਦੌੜ ਹਲਕੇ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਲੋਕਾਂ ਵੱਲੋਂ ਮਿਲ ਰਿਹਾ ਪਿਆਰ, ਸਤਿਕਾਰ ਅਤੇ ਸਹਿਯੋਗ ਉਨ੍ਹਾਂ ਲਈ ਵੱਡੀ ਪ੍ਰੇਰਣਾ ਹੈ।
ਬੀਬੀ ਬਾਲੀਆ ਨੇ ਭਰੋਸਾ ਦਿਵਾਇਆ ਕਿ ਹਲਕੇ ਦੇ ਹਰ ਵਰਗ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਇਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਨਤਾ ਦੇ ਭਰੋਸੇ ਨੂੰ ਕਾਇਮ ਰੱਖਣਾ ਅਤੇ ਲੋਕਾਂ ਦੀ ਸੇਵਾ ਕਰਨਾ ਹੀ ਉਨ੍ਹਾਂ ਦੀ ਰਾਜਨੀਤਿਕ ਜ਼ਿੰਮੇਵਾਰੀ ਹੈ।


