

ਭਦੌੜ ਪੁਲਿਸ ਦੀ ਵੱਡੀ ਸਫਲਤਾ: ਏਅਰ ਫੋਰਸ ਦਾ ਜਵਾਨ 3 ਕਿਲੋ 15 ਗ੍ਰਾਮ ਅਫੀਮ ਸਮੇਤ ਕਾਬੂ
ਭਦੌੜ/ਬਰਨਾਲਾ(ਹਿਮਾਂਸ਼ੂ ਗੋਇਲ)
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਭਦੌੜ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਏਅਰ ਫੋਰਸ ਦੇ ਇੱਕ ਜਵਾਨ ਨੂੰ 3 ਕਿਲੋ 15 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਦੌੜ ਦੇ ਮੁਖੀ ਇੰਸਪੈਕਟਰ ਹਰਸਿਮਰਨ ਸਿੰਘ ਨੇ ਦੱਸਿਆ ਕਿ ਐਸਐਸਪੀ ਬਰਨਾਲਾ ਅਤੇ ਡੀਐਸਪੀ ਜਸਕਰਨ ਸਿੰਘ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੌਰਾਨ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ‘ਤੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ, ਜਿਸ ਦੌਰਾਨ ਉਸ ਕੋਲੋਂ 3 ਕਿਲੋ 15 ਗ੍ਰਾਮ ਅਫੀਮ ਬਰਾਮਦ ਹੋਈ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਹਿਚਾਣ ਸਿਮਰਤਪਾਲ ਸਿੰਘ ਵਾਸੀ ਬੁਤਾਲਾ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਕਿ ਏਅਰ ਫੋਰਸ ਵਿੱਚ ਜਵਾਨ ਵਜੋਂ ਤਾਇਨਾਤ ਹੈ। ਪੁਲਿਸ ਨੇ ਦੋਸ਼ੀ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਥਾਣਾ ਮੁਖੀ ਹਰਸਿਮਰਨ ਸਿੰਘ ਨੇ ਕਿਹਾ ਕਿ ਰਿਮਾਂਡ ਦੌਰਾਨ ਦੋਸ਼ੀ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਤੇ ਨਸ਼ਾ ਤਸਕਰੀ ਦੇ ਨੈੱਟਵਰਕ ਬਾਰੇ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਨਸ਼ਾ ਮੁਕਤ ਪੰਜਾਬ ਦੀ ਮੁਹਿੰਮ ਨੂੰ ਪੂਰੀ ਦ੍ਰਿੜਤਾ ਨਾਲ ਅੱਗੇ ਵਧਾਇਆ ਜਾਵੇਗਾ।
ਭਦੌੜ ਪੁਲਿਸ ਦੀ ਇਸ ਕਾਰਵਾਈ ਨੂੰ ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ਜੰਗ ਵਿੱਚ ਇੱਕ ਮਹੱਤਵਪੂਰਨ ਸਫਲਤਾ ਵਜੋਂ ਦੇਖਿਆ ਜਾ ਰਿਹਾ ਹੈ।


