

ਮੇਅਰ ਹਸਨ ਭਾਰਦਵਾਜ ਵਲੋਂ ਨਗਰ ਨਿਗਮ ਅਧਿਕਾਰੀਆਂ ਨਾਲ ਅਹਿਮ ਮੀਟਿੰਗ
ਵਿਕਾਸ ਕਾਰਜਾਂ ਨੂੰ ਮਿਆਰੀ ਅਤੇ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਉੱਤੇ ਜ਼ੋਰ
ਬਰਨਾਲਾ, 19 ਜੂਨ(ਹਿਮਾਂਸ਼ੂ ਗੋਇਲ)
ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨ ਭਾਰਦਵਾਜ ਵੱਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਨਿਗਮ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਮੇਅਰ ਨੇ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਕੰਮਕਾਜ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਨਿਰਦੇਸ਼ਾਂ ਤਹਿਤ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।
ਮੇਅਰ ਹਸਨ ਭਾਰਦਵਾਜ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨਾ ਕੀਤੀ ਜਾਵੇ ਅਤੇ ਮਿਆਰੀ ਕੰਮ ਕਰਵਾਇਆ ਜਾਵੇ। ਉਨ੍ਹਾਂ ਨੇ ਅਧੂਰੇ ਅਤੇ ਚੱਲ ਰਹੇ ਪ੍ਰੋਜੈਕਟਾਂ ਦੀ ਰਫ਼ਤਾਰ ਨੂੰ ਤੇਜ਼ ਕਰਨ ਉੱਤੇ ਜ਼ੋਰ ਦਿੱਤਾ ਤਾਂ ਜੋ ਇਨ੍ਹਾਂ ਨੂੰ ਮਿੱਥੇ ਸਮੇਂ ਦੇ ਅੰਦਰ-ਅੰਦਰ ਪੂਰਾ ਕੀਤਾ ਜਾ ਸਕੇ।
ਮੇਅਰ ਨੇ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਕੰਮ ਦੀ ਰਫ਼ਤਾਰ ਦੇ ਨਾਲ-ਨਾਲ ਇਸਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਹਰ ਪ੍ਰੋਜੈਕਟ ਵਿੱਚ ਉੱਚ ਪੱਧਰੀ ਸਮੱਗਰੀ ਦੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਆਉਂਦੇ ਦਿਨੀ ਉਹ ਖੁਦ ਵਿਕਾਸ ਕਾਰਜਾਂ ਵਾਲੀਆਂ ਥਾਂਵਾਂ ‘ਤੇ ਜਾ ਕੇ ਨਿਰੀਖਣ ਕਰਨਗੇ ਅਤੇ ਹੋਰ ਅਹਿਮ ਪ੍ਰੋਜੈਕਟ ਲਿਆਂਦੇ ਜਾਣਗੇ।
ਇਸ ਮੀਟਿੰਗ ਵਿੱਚ ਅਸਿਸਟੈਂਟ ਕਮਿਸ਼ਨਰ ਹਰਪ੍ਰੀਤ ਸਿੰਘ ਤੋਂ ਇਲਾਵਾ ਨਿਗਰਾਨ ਇੰਜੀਨੀਅਰ, ਕਾਰਪੋਰੇਸ਼ਨ ਇੰਜੀਨੀਅਰ, ਜੇਈ, ਡੀ ਸੀ ਐਫ਼ ਏ ਤੇ ਹੋਰ ਕਰਮਚਾਰੀ ਮੌਜੂਦ ਸਨ।


