

ਸਿੱਖਿਆ ਮੰਤਰੀ ਵੱਲੋਂ ਵਾਈਐੱਸ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
17 ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਲਈ ਸਨਮਾਨਿਤ
ਬਰਨਾਲਾ,(ਹਿਮਾਂਸ਼ੂ ਗੋਇਲ)
ਭਾਰਤ ਦੇ ਟਾਪ 50 ਸਕੂਲਾਂ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਵਾਈਐੱਸ ਪਬਲਿਕ ਸਕੂਲ ਨੇ ਇੱਕ ਹੋਰ ਮਾਣਮੱਤੀ ਉਪਲਬਧੀ ਆਪਣੇ ਨਾਮ ਕੀਤੀ ਹੈ। ਸਕੂਲ ਦੀ ਬਾਰ੍ਹਵੀਂ ਜਮਾਤ ਦੇ 17 ਹੋਣਹਾਰ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸ਼ਾਨਦਾਰ ਅਕਾਦਮਿਕ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਬਾਰ੍ਹਵੀਂ ਬੋਰਡ ਪ੍ਰੀਖਿਆ ਵਿੱਚ 90 ਫੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਦੀ ਅਗਵਾਈ ਹੇਠ ਆਯੋਜਿਤ ਵਿਸ਼ੇਸ਼ ਸਨਮਾਨ ਸਮਾਰੋਹ ਵਿੱਚ ਸੱਦਾ ਦਿੱਤਾ ਗਿਆ। ਇਹ ਸਮਾਗਮ ਕਪਿਲ ਪੈਲੇਸ ਬਰਨਾਲਾ ਵਿਖੇ ਕਰਵਾਇਆ ਗਿਆ, ਜਿੱਥੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਸ਼ਾਨਦਾਰ ਨਤੀਜਿਆਂ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਰੋਹ ਵਿੱਚ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ, ਕੈਬਿਨੇਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਸਮੇਤ ਕਈ ਹੋਰ ਮਾਣਯੋਗ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨਾਲ ਰੂਬਰੂ ਹੋ ਕੇ ਪ੍ਰਸ਼ਨ-ਉੱਤਰ ਸੈਸ਼ਨ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰਨ ਲਈ ਪ੍ਰੇਰਿਤ ਕੀਤਾ। ਇਹ ਸੰਵਾਦ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਅਤੇ ਯਾਦਗਾਰ ਰਿਹਾ। ਵਾਈਐੱਸ ਪਬਲਿਕ ਸਕੂਲ ਦੇ ਕੁੱਲ 17 ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ, ਜਿਸ ਨਾਲ ਸਕੂਲ, ਮਾਪਿਆਂ ਅਤੇ ਸਮੂਹ ਇਲਾਕੇ ਦਾ ਮਾਣ ਵਧਿਆ ਹੈ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਮੋਹਿਤ ਜਿੰਦਲ ਨੇ ਕਿਹਾ, ‘ਸਾਨੂੰ ਆਪਣੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਬੇਹੱਦ ਮਾਣ ਹੈ। ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਮਰਪਣ ਨੇ ਉਨ੍ਹਾਂ ਨੂੰ ਇਹ ਮਾਣਮੱਤਾ ਸਨਮਾਨ ਦਿਵਾਇਆ ਹੈ। ਅਸੀਂ ਸਾਰੇ ਸਨਮਾਨਿਤ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦੇ ਹਾਂ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹਾਂ।
’


