

ਸੀਨੀਅਰ ਸਿਟੀਜ਼ਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਉੱਤੇ ਨਿਬੇੜਾ ਕੀਤਾ ਜਾਵੇ: ਵਧੀਕ ਡਿਪਟੀ ਕਮਿਸ਼ਨਰ
ਬਜ਼ੁਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਤਿਮਾਹੀ ਸਮੀਖਿਆ ਮੀਟਿੰਗ
ਬਜ਼ੁਰਗ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟੌਲ ਫ੍ਰੀ ਹੈਲਪਲਾਈਨ ਨੰਬਰ 14567 ‘ਤੇ ਸੰਪਰਕ ਕਰਨ
ਬਰਨਾਲਾ, 8 ਜੁਲਾਈ
ਬਜ਼ੁਰਗਾਂ ਦੀ ਦੇਖਭਾਲ ਅਤੇ ਭਲਾਈ ਐਕਟ ਤਹਿਤ ਜ਼ਿਲ੍ਹਾ ਪੱਧਰੀ ਤਿਮਾਹੀ ਸਮੀਖਿਆ ਮੀਟਿੰਗ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ IAS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਵਿਵੇਕ ਕੁਮਾਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸੀਨੀਅਰ ਸਿਟੀਜ਼ਨਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਇਸ ਦੌਰਾਨ ਸੀਨੀਅਰ ਸਿਟੀਜ਼ਨਾਂ ਦੀਆਂ ਸਮੱਸਿਆਵਾਂ, ਵਿਸ਼ੇਸ਼ ਲੋੜਾਂ, ਭਲਾਈ ਸਬੰਧੀ ਮੁੱਦਿਆਂ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਵਾਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਵਿਵੇਕ ਕੁਮਾਰ ਮੋਦੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਜ਼ੁਰਗਾਂ ਨਾਲ ਸਬੰਧਤ ਸਾਰੇ ਮਾਮਲਿਆਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਮੇਂ ਸਿਰ ਲੋੜੀਂਦੀਆਂ ਸੇਵਾਵਾਂ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣਾ ਸਾਰੇ ਵਿਭਾਗਾਂ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਮੂਹ ਅਧਿਕਾਰੀਆਂ/ਮੈਂਬਰ ਨੂੰ ਅਪੀਲ ਕੀਤੀ ਗਈ ਕਿ ਬਾਬਾ ਫੂਲ ਸਰਕਾਰੀ ਬਿਰਧ ਘਰ, ਤਪਾ ਵਿਖੇ ਵੱਧ ਤੋਂ ਵੱਧ ਲੋੜਵੰਦ/ਬੇਸਹਾਰਾ ਬਜ਼ੁਰਗਾਂ ਦੀ ਰਜਿਸਟ੍ਰੇਸ਼ਨ ਕਰਵਾਈ ਜਾਵੇ।
ਮੀਟਿੰਗ ਦੌਰਾਨ ਸੀਨੀਅਰ ਸਿਟੀਜ਼ਨ ਕੌਂਸਲ ਦੇ ਮੈਂਬਰਾਂ ਵੱਲੋਂ ਕਈ ਮਹੱਤਵਪੂਰਨ ਸੁਝਾਅ ਪੇਸ਼ ਕੀਤੇ ਗਏ। ਉਨ੍ਹਾਂ ਸੁਝਾਅ ਦਿੱਤਾ ਕਿ ਐਸ.ਡੀ.ਐਮ. ਪੱਧਰ ‘ਤੇ ਸੀਨੀਅਰ ਸਿਟੀਜ਼ਨਾਂ ਨਾਲ ਸਬੰਧਤ ਕੇਸਾਂ ਦੀ ਸਮੇਂ-ਬੱਧ ਸਮੀਖਿਆ ਕਰਕੇ ਲੰਬਿਤ ਮਾਮਲਿਆਂ ਦਾ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ। ਪੁਲਿਸ ਵਿਭਾਗ ਵੱਲੋਂ ਦੱਸਿਆ ਗਿਆ ਕਿ ਸੀਨੀਅਰ ਸਿਟੀਜ਼ਨਾਂ ਦੀ ਸੁਰੱਖਿਆ ਲਈ ਡੀ.ਐਸ.ਪੀ. ਪੱਧਰ ਦੇ ਨੋਡਲ ਅਫ਼ਸਰ ਦੀ ਨਿਯੁਕਤੀ ਕਮਰਾ ਨੰਬਰ 338 ਵਿਖੇ ਕੀਤੀ ਗਈ ਹੈ ਅਤੇ ਇਸ ਕਾਰਜ ਦੀ ਨਿਗਰਾਨੀ ਐਸ.ਪੀ. ਹੈੱਡਕੁਆਰਟਰ ਵੱਲੋਂ ਕੀਤੀ ਜਾ ਰਹੀ ਹੈ।
ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੀਨੀਅਰ ਸਿਟੀਜ਼ਨਾਂ ਲਈ ਕਾਨੂੰਨੀ ਜਾਗਰੂਕਤਾ ਕੈਂਪ ਲਗਾਤਾਰ ਲਾਏ ਜਾ ਰਹੇ ਹਨ। ਮੈਂਬਰਾਂ ਨੇ ਸਿਵਲ ਹਸਪਤਾਲਾਂ ਅਤੇ ਹੋਰ ਸਰਕਾਰੀ ਸਿਹਤ ਸੰਸਥਾਵਾਂ ਵਿੱਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਵੱਖਰੀ ਕਤਾਰ, ਮੁਫ਼ਤ ਲੈਬ ਟੈਸਟਾਂ ਦੀ ਸਹੂਲਤ ਅਤੇ ਡਾਕਟਰਾਂ ਦੇ ਕਮਰਿਆਂ ਵਿੱਚ ਸੀਨੀਅਰ ਸਿਟੀਜ਼ਨਾਂ ਨੂੰ ਪਹਿਲ ਦੇ ਆਧਾਰ ‘ਤੇ ਸੇਵਾਵਾਂ ਮੁਹੱਈਆ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਲੰਬੇ ਸਮੇਂ ਦੀਆਂ ਬਿਮਾਰੀਆਂ (Chronic Diseases) ਸਬੰਧੀ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਦਾ ਵੀ ਸੁਝਾਅ ਦਿੱਤਾ ਗਿਆ।
ਮੀਟਿੰਗ ਦੌਰਾਨ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੋਬਾਈਲ ਮੈਡੀਕਲ ਯੂਨਿਟ (ਐੱਮ.ਐੱਮ.ਯੂ.) ਦੀਆਂ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਰੈੱਡ ਕਰਾਸ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਚਲਾਈਆਂ ਜਾ ਰਹੀਆਂ ਸੇਵਾਵਾਂ ਦਾ ਹੋਰ ਵਿਸਥਾਰ ਕਰਨ ਅਤੇ ਕਰਨ ਸਬੰਧੀ ਵੀ ਸੁਝਾਅ ਦਿੱਤੇ ਗਏ।
ਇਸ ਤੋਂ ਇਲਾਵਾ ਲੀਡ ਬੈਂਕ ਮੈਨੇਜਰ ਨੂੰ ਪੱਤਰ ਜਾਰੀ ਕਰਕੇ ਸਾਰੀਆਂ ਬੈਂਕ ਸ਼ਾਖਾਵਾਂ ਵਿੱਚ ਸੀਨੀਅਰ ਸਿਟੀਜ਼ਨਾਂ ਨੂੰ ਤਰਜੀਹੀ ਸੇਵਾਵਾਂ ਯਕੀਨੀ ਬਣਾਉਣ, ਨੌਜਵਾਨਾਂ ਅਤੇ ਬਜ਼ੁਰਗਾਂ ਵਿਚਕਾਰ ਆਪਸੀ ਸਤਿਕਾਰ ਅਤੇ ਸਾਂਝ ਨੂੰ ਉਤਸ਼ਾਹਿਤ ਕਰਨ ਲਈ ਇੰਟਰ-ਜਨਰੇਸ਼ਨਲ ਬਾਂਡਿੰਗ ਗਤੀਵਿਧੀਆਂ ਕਰਵਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਸਾਰੇ ਸੁਝਾਵਾਂ ‘ਤੇ ਸਬੰਧਤ ਵਿਭਾਗਾਂ ਨੂੰ ਲੋੜੀਂਦੀ ਕਾਰਵਾਈ ਕਰਨ ਅਤੇ ਅਗਲੀ ਮੀਟਿੰਗ ਵਿੱਚ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਟੋਲ ਫ੍ਰੀ ਹੈਲਪਲਾਈਨ 14567 (Elder Line) ਰਾਹੀਂ ਸੀਨੀਅਰ ਸਿਟੀਜ਼ਨਾਂ ਨੂੰ ਕਾਨੂੰਨੀ ਸਲਾਹ, ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ, ਕਾਊਂਸਲਿੰਗ, ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਲੋੜੀਂਦੀਆਂ ਸਹਾਇਤਾ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸਮੱਸਿਆ ਜਾਂ ਸਹਾਇਤਾ ਦੀ ਲੋੜ ਪੈਣ ‘ਤੇ ਇਸ ਹੈਲਪਲਾਈਨ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।
ਇਸ ਮੌਕੇ ਸਕੱਤਰ ਰੈੱਡ ਕਰਾਸ ਸ੍ਰੀ ਸਰਵਣ ਸਿੰਘ, ਸੀਨੀਅਰ ਸਿਟੀਜ਼ਨ ਕੌਂਸਲ ਬਰਨਾਲਾ ਦੇ ਪ੍ਰਧਾਨ ਸ੍ਰੀ ਗਿਆਨ ਚੰਦ ਗੋਇਲ, ਮੈਂਬਰ ਸ੍ਰੀ ਗਿਆਨ ਚੰਦ ਸਿੰਗਲਾ, ਸ੍ਰੀ ਰਾਜਿੰਦਰ ਪ੍ਰਸਾਦ ਸਿੰਗਲਾ, ਸ੍ਰੀਮਤੀ ਸੁਰਿੰਦਰ ਕੁਮਾਰੀ ਸ਼ਰਮਾ, ਡਾ. ਹਰੀਪਾਲ ਸਿੰਘ (ਸਿਵਲ ਸਰਜਨ, ਬਰਨਾਲਾ), ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪੁਲਿਸ ਵਿਭਾਗ, ਸਿਹਤ ਵਿਭਾਗ, ਰੈੱਡ ਕਰਾਸ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।


