

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਸਕੂਲੀ ਵਾਹਨਾਂ ਦੀ ਚੈਕਿੰਗ਼
ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 8 ਵੈਨਾਂ ਦੇ ਕੱਟੇ ਚਲਾਨ
ਬਰਨਾਲਾ, 10 ਜੁਲਾਈ(ਹਿਮਾਂਸ਼ੂ ਗੋਇਲ)
ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਾਗੂ ਕੀਤੀ ਗਈ ‘ਸੇਫ ਸਕੂਲ ਵਾਹਨ ਪਾਲਿਸੀ’ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਰਤਿੰਦਰ ਪਾਲ ਕੌਰ ਧਾਲੀਵਾਲ ਦੀ ਅਗਵਾਈ ਹੇਠ ਉਲੀਕੀ ਗਈ।
ਇਸ ਮੁਹਿੰਮ ਤਹਿਤ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ (ਘੁੰਨਸ), ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਤਪਾ) ਅਤੇ ਸ਼ਿਵਾਲਿਕ ਪਬਲਿਕ ਸਕੂਲ (ਤਪਾ) ਵਿਖੇ ਵਾਹਨਾਂ ਦੀ ਅਚਨਚੇਤ ਜਾਂਚ ਕੀਤੀ ਗਈ।
ਇਸ ਮੁਹਿੰਮ ਦੌਰਾਨ ਕੁੱਲ 19 ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ। ਟੀਮ ਵੱਲੋਂ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ, ਵੈਧ ਪਰਮਿਟ, ਬੀਮਾ ਅਤੇ ਪ੍ਰਦੂਸ਼ਣ ਸਰਟੀਫਿਕੇਟ, ਫਸਟ ਏਡ ਬਾਕਸ ਅਤੇ ਅੱਗ ਬੁਝਾਊ ਯੰਤਰ,
ਸਪੀਡ ਗਵਰਨਰ, ਜੀ.ਪੀ.ਐਸ. ਅਤੇ ਸੀ.ਸੀ.ਟੀ.ਵੀ. ਕੈਮਰੇ, ਐਮਰਜੈਂਸੀ ਐਗਜ਼ਿਟ, ਸਕੂਲ ਦਾ ਨਾਮ ਅਤੇ ਸੰਪਰਕ ਨੰਬਰ, ਡਰਾਈਵਰ ਦਾ ਵੈਧ ਡਰਾਈਵਿੰਗ ਲਾਇਸੈਂਸ, ਵਰਦੀ, ਪਛਾਣ ਪੱਤਰ ਅਤੇ ਲੇਡੀ ਅਟੈਂਡੈਂਟ ਦੀ ਉਪਲਬਧਤਾ। ਆਦਿ ਸੁਰੱਖਿਆ ਪ੍ਰਬੰਧਾਂ ਅਤੇ ਦਸਤਾਵੇਜ਼ਾਂ ਦੀ ਮੁੱਖ ਤੌਰ ‘ਤੇ ਜਾਂਚ ਕੀਤੀ ਗਈ।
ਚੈਕਿੰਗ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਦੀਆਂ ਪਾਈਆਂ ਗਈਆਂ 8 ਸਕੂਲੀ ਵੈਨਾਂ ਦੇ ਮੋਟਰ ਵਹੀਕਲ ਐਕਟ ਅਧੀਨ ਚਲਾਨ ਕੱਟੇ ਗਏ। ਟੀਮ ਵੱਲੋਂ ਸਬੰਧਤ ਵਾਹਨ ਚਾਲਕਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਸੁਰੱਖਿਆ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਪ੍ਰਤੀ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਇਸ ਮੁੱਦੇ ‘ਤੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਭਰ ਵਿੱਚ ਅਜਿਹੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਚੈਕਿੰਗ ਮੁਹਿੰਮ ਦੌਰਾਨ ਟਰੈਫਿਕ ਪੁਲਿਸ ਵੱਲੋਂ ਏ.ਐਸ.ਆਈ. ਗੁਰਚਰਨ ਸਿੰਘ ਅਤੇ ਪੁਲਿਸ ਕਾਂਸਟੇਬਲ ਗਗਨਦੀਪ ਸਿੰਘ ਅਤੇ ਬਾਲ ਸੁਰੱਖਿਆ ਦਫ਼ਤਰ ਵੱਲੋਂ ਰੁਪਿੰਦਰ ਸਿੰਘ ਹਾਜ਼ਰ ਸਨ।


