

ਕਰਾਟੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਟੰਡਨ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ, ਬਣਿਆ ਓਵਰਆਲ ਚੈਂਪੀਅਨ
ਬਰਨਾਲਾ(ਹਿਮਾਂਸ਼ੂ ਗੋਇਲ)
ਇਲਾਕੇ ਦੀ ਪ੍ਰਸਿੱਧ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਮੈਡਲ ਜਿਤੇ। ਪਿਛਲੇ ਦਿਨੀਂ ਕਰਵਾਏ ਗਏ *ਕਿਓ ਰਿਨ ਜਿਲ੍ਹਾ ਬਰਨਾਲਾ ਕਰਾਟੇ ਟੂਰਨਾਮੈਂਟ ਵਿੱਚ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਅਤੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ। ਇਸ ਟੂਰਨਾਮੈਂਟ ਵਿੱਚ ਸਕੂਲ ਦੀਆਂ ਲੜਕੀਆਂ ਅੰਡਰ-14 ਅਤੇ ਅੰਡਰ-17 ਵਰਗ ਦੇ ਨਾਲ-ਨਾਲ ਲੜਕਿਆਂ ਅੰਡਰ-14 ਅਤੇ ਅੰਡਰ-17 ਵਰਗ ਦੀਆਂ ਟੀਮਾਂ ਨੇ ਭਾਗ ਲਿਆ।
ਮੁਕਾਬਲਿਆਂ ਦੌਰਾਨ ਲੜਕੀਆਂ ਦੀ ਟੀਮ ਨੇ 7 ਗੋਲਡ, 10 ਸਿਲਵਰ ਅਤੇ 11 ਬ੍ਰਾਂਜ਼ ਮੈਡਲ ਜਿੱਤ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਦੂਜੇ ਪਾਸੇ ਲੜਕਿਆਂ ਦੀ ਟੀਮ ਨੇ ਵੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ 8 ਗੋਲਡ, 10 ਸਿਲਵਰ ਅਤੇ 10 ਬ੍ਰਾਂਜ਼ ਮੈਡਲ ਆਪਣੇ ਨਾਮ ਕੀਤੇ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਨੇ ਓਵਰਆਲ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ।
ਸਕੂਲ ਦੀ ਪ੍ਰਿੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਜੀ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਜਗਸੀਰ ਵਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਬੱਚਿਆਂ ਦੀ ਲਗਨ, ਅਨੁਸ਼ਾਸਨ ਅਤੇ ਨਿਰੰਤਰ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਸਕੂਲ ਹਮੇਸ਼ਾ ਹੀ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਦਾ ਰਹੇਗਾ।
ਸਕੂਲ ਦੇ ਐਮ.ਡੀ. ਸ਼ਿਵ ਸਿੰਗਲਾ ਜੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿੱਚ ਵੀ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਮੂਹ ਸਕੂਲ ਪਰਿਵਾਰ ਲਈ ਮਾਣ ਵਾਲੀ ਗੱਲ ਹੈ। ਐਮ.ਡੀ. ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿਖਲਾਈ ਅਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਵੀ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਸਕਣ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।


