



ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਟਰਾਈਡੈਂਟ ਕੰਪਲੈਕਸ ਵਿਖੇ 29 ਨਵੰਬਰ ਨੂੰ ਸਜੇਗਾ ਮਹਾਨ ਕੀਰਤਨ ਦਰਬਾਰ
ਭਾਈ ਮਨਿੰਦਰ ਸਿੰਘ ਜੀ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਕਰਨਗੇ ਨਿਹਾਲ : ਪਦਮ ਸ੍ਰੀ ਰਾਜਿੰਦਰ ਗੁਪਤਾ
ਬਰਨਾਲਾ, ਨਵੰਬਰ (ਹਿਮਾਂਸ਼ੂ ਗੋਇਲ)
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਰਾਈਡੈਂਟ ਗਰੁੱਪ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਇਹ ਧਾਰਮਿਕ ਸਮਾਗਮ 29 ਨਵੰਬਰ, ਦਿਨ ਐਤਵਾਰ ਨੂੰ ਟਰਾਈਡੈਂਟ ਕੰਪਲੈਕਸ, ਰਾਏਕੋਟ ਰੋਡ, ਸੰਘੇੜਾ (ਬਰਨਾਲਾ) ਵਿਖੇ ਆਯੋਜਿਤ ਹੋਵੇਗਾ, ਜਿਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਪਦਮ ਸ੍ਰੀ ਰਾਜਿੰਦਰ ਗੁਪਤਾ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਆਪਣੇ ਬਿਆਨ ਵਿੱਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਲੋਕਾਈ ਨੂੰ “ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ” ਦਾ ਸਰਬ-ਸਾਂਝਾ ਉਪਦੇਸ਼ ਦਿੱਤਾ ਹੈ, ਜਿਸ ‘ਤੇ ਚੱਲ ਕੇ ਅਸੀਂ ਇੱਕ ਨਰੋਏ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਮੌਕੇ ‘ਤੇ ਪਰਿਵਾਰਾਂ ਸਮੇਤ ਸਮਾਗਮ ਵਿੱਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
ਸਮਾਗਮ ਦੇ ਵੇਰਵਿਆਂ ਅਨੁਸਾਰ, 29 ਨਵੰਬਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਮਹਾਨ ਕੀਰਤਨ ਦਰਬਾਰ ਸਜੇਗਾ। ਇਸ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਜੀ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕਰਨਗੇ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਟਰਾਈਡੈਂਟ ਪ੍ਰਬੰਧਕਾਂ ਵੱਲੋਂ ਸੰਗਤਾਂ ਦੀ ਸਹੂਲਤ ਅਤੇ ਪਾਰਕਿੰਗ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।



