
ਮੇਰਾ ਯੁਵਾ ਭਾਰਤ ਬਰਨਾਲਾ ਨੇ ਵਾਈ. ਐੱਸ. ਕਾਲਜ ਹੰਡਿਆਇਆ ਵਿਖੇ ਭਾਰਤ ਸਰਕਾਰ ਦੀਆਂ ਸਕੀਮਾਂ ਬਾਰੇ ਵਰਕਸ਼ਾਪ ਲਗਾਈ
ਹੰਡਿਆਇਆ/ਹਿਮਾਂਸ਼ੂ ਗੋਇਲ: ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਮੇਰਾ ਯੁਵਾ ਭਾਰਤ ਬਰਨਾਲਾ ਵਲੋਂ ਜ਼ਿਲ੍ਹਾ ਯੂਥ ਅਫਸਰ ਮੈਡਮ ਆਭਾ ਸੋਨੀ ਦੀ ਅਗਵਾਈ ਵਿੱਚ ਅਨੁਸਾਰ ਵਾਈ. ਐੱਸ. ਕਾਲਜ ਹੰਡਿਆਇਆ ਦੇ ਸਹਿਯੋਗ ਨਾਲ ਭਾਰਤ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਬਾਰੇ ਨੌਜਵਾਨਾਂ ਨੂੰ ਜਾਣੂ ਕਰਵਾਉਣ ਲਈ ਇਕ ਵਰਕਸ਼ਾਪ ਲਾਈ ਗਈ।
ਜ਼ਿਲ੍ਹਾ ਯੂਥ ਅਫਸਰ ਮੈਡਮ ਆਭਾ ਸੋਨੀ ਨੇ ਕਿਹਾ ਕਿ ਇਸ ਵਰਕਸ਼ਾਪ ਦਾ ਮਕਸਦ ਨੌਜਵਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਆਯੂਸ਼ਮਾਨ ਭਾਰਤ, ਮੁਦਰਾ ਯੋਜਨਾ, ਸਵੱਛ ਭਾਰਤ ਮਿਸ਼ਨ, ਸਕਿੱਲ ਇੰਡੀਆ, ਬੇਟੀ ਬਚਾਓ-ਬੇਟੀ ਪੜ੍ਹਾਓ, ਅਟਲ ਯੋਜਨਾ ਆਦਿ ਬਾਰੇ ਜਾਣੂ ਕਰਵਾਉਣਾ ਸੀ।
ਕਾਲਜ ਦੇ ਪ੍ਰਿੰਸਿਪਲ ਡਾ. ਗੁਰਪਾਲ ਸਿੰਘ ਰਾਣਾ ਨੇ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਸਿਰਫ ਅਕਾਦਮਿਕ ਹੀ ਨਹੀਂ ਬਲਕਿ ਸਮਾਜਿਕ ਤੌਰ ‘ਤੇ ਵਿਚਰਨ ਲਈ ਵੀ ਤਿਆਰ ਕਰ ਰਹੇ ਹਾਂ। ਉਨ੍ਹਾਂ ਨੇ ਨੌਜਵਾਨਾਂ ਨੂੰ ਸਕਿੱਲ ਇੰਡੀਆ ਮਿਸ਼ਨ ਬਾਰੇ ਜਾਣੂ ਕਰਵਾਇਆ। ਓਨ੍ਹਾਂ ਕਿਹਾ ਕਿ ਸਕਿੱਲ ਇੰਡੀਆ ਮਿਸ਼ਨ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇੱਕ ਮਹੱਤਵਪੂਰਕ ਕਾਰਜਕ੍ਰਮ ਹੈ, ਜਿਸ ਦਾ ਉਦੇਸ਼ ਦੇਸ਼ ਦੇ ਨੌਜਵਾਨਾਂ ਨੂੰ ਕੌਸ਼ਲ ਸਿਖਲਾਈ ਦੇ ਕੇ ਉਨ੍ਹਾਂ ਨੂੰ ਰੋਜ਼ਗਾਰ ਦੇ ਯੋਗ ਬਣਾਉਣਾ ਹੈ। ਇਸ ਦੇ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਦੇ ਹਨ।
ਪ੍ਰੋਫੈਸਰ ਵੀ ਪੀ ਸਿੰਗਲਾ ਨੇ ਕਿਹਾ ਕਿ ਸਰਕਾਰ ਆਪਣੇ ਨਾਗਰਿਕਾਂ ਦੀ ਸਮਾਜਿਕ-ਆਰਥਿਕ ਭਲਾਈ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਕਈ ਪ੍ਰਮੁੱਖ ਯੋਜਨਾਵਾਂ ਲਾਗੂ ਕਰ ਰਹੀ ਹੈ। ਓਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਭਾਰਤ ਸਰਕਾਰ ਵੱਲੋਂ ਚਲਾਈ ਗਈ ਇੱਕ ਅਹਿਮ ਸਕੀਮ ਹੈ ਜੋ ਸਿਹਤ ਸੰਭਾਲ ਨੂੰ ਲੈ ਕੇ ਆਮ ਲੋਕਾਂ ਲਈ ਬਹੁਤ ਹੀ ਲਾਭਕਾਰੀ ਹੈ। ਇਸ ਯੋਜਨਾ ਤਹਿਤ ਹਰ ਲਾਭਪਾਤਰੀ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਤੀ ਸਾਲ ਮਿਲਦਾ ਹੈ। ਇਹ ਯੋਜਨਾ ਮੁੱਖ ਤੌਰ ‘ਤੇ ਗਰੀਬ, ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਬੀ ਪੀ ਐਲ ਪਰਿਵਾਰਾਂ ਲਈ ਹੈ।
ਇਸ ਮੌਕੇ ਮੈਡਮ ਰੁਪਿੰਦਰਜੀਤ ਕੌਰ ਨੇ ਨੌਜਵਾਨਾਂ ਨੂੰ ਜਲ ਜੀਵਨ ਮਿਸ਼ਨ ਬਾਰੇ ਦੱਸਿਆ। ਓਨ੍ਹਾਂ ਕਿਹਾ ਕਿ ਇਸ ਮਿਸ਼ਨ ਦਾ ਮੁੱਖ ਮਕਸਦ ਭਾਰਤ ਦੇ ਹਰ ਘਰ ਤਕ ਪਾਣੀ ਪਹੁੰਚਾਉਣਾ ਹੈ। ਇਸ ਦੇ ਨਾਲ ਹੀ ਨੌਜਵਾਨਾਂ ਨੇ ਵੀ ਸਰਕਾਰ ਦੀਆਂ ਵੱਖ ਵੱਖ ਯੋਜਨਾਵਾਂ ਬਾਰੇ ਆਪਣੇ ਵਿਚਾਰ ਰੱਖੇ।